ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਝੋਨੇ ਦੀ ਸਿੱਧੀ ਬਿਜਾਈ ਅੱਜ ਦੀ ਮੁੱਖ ਲੋੜ-ਮੁੱਖ ਖੇਤੀਬਾੜੀ ਅਫਸਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰੁਪਾਲਹੇੜੀ ਦੇ ਕਿਸਾਨ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 02 ਜੂਨ:

      ਧਰਤੀ ਹੇਠਲੇ ਪਾਣੀ ਦਾ ਦਿਨੋਂ ਦਿਨ ਹੇਠਾਂ ਜਾ ਰਿਹਾ ਪੱਧਰ ਸਾਡੇ ਲਈ ਇੱਕ ਗੰਭੀਰ ਚੁਣੋਤੀ ਬਣਿਆਂ ਹੋਇਆ ਹੈ ਅਤੇ ਇਸ ਨੂੰ ਬਚਾਉਣ ਲਈ ਝੋਨੈ ਦੀ ਸਿੱਧੀ ਬਿਜਾਈ ਅੱਜ ਦੀ ਸਭ ਤੋਂ ਵੱਡੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ: ਗੁਰਨਾਮ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਟੀਮਾਂ ਬਣਾ ਕੇ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਬਸੀ ਪਠਾਣਾ ਦੇ ਪਿੰਡ ਰੁਪਾਲਹੇੜੀ ਦੇ ਕਿਸਾਨ ਗੁਰਪ੍ਰੀਤ ਸਿੰਘ ਦੇ 2.5 ਏਕੜ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ।


      ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਬਸੀ ਪਠਾਣਾ ਮਨਦੀਪ ਕੌਰ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਝੋਨੇ/ਕਣਕ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਈ ਕਿਸਾਨ ਫਸਲਾਂ ਦੀ ਬਿਜਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿਥੇ ਸਿੰਚਾਈ ਵਾਲੇ ਪਾਣੀ ਦੀ 15-20 ਫੀਸਦੀ ਤੱਕ ਬੱਚਤ ਹੁੰਦੀ ਹੈ ਉਥੇ ਹੀ ਧਰਤੀ ਹੇਠਲੇ ਪਾਣੀ ਦਾ 10-20 ਫੀਸਦੀ ਜਿਆਦਾ ਰਿਚਾਰਜ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਲੈਣ ਲਈ ਕਿਸਾਨ 30 ਜੂਨ ਤੱਕ ਵਿਭਾਗ ਦੇ ਪੋਰਟਲ agrimachinerypb.com ਆਨ ਲਾਇਨ ਰਜਿਸਟਰੇਸ਼ਨ ਕਰਵਾ ਸਕਦੇ ਹਨ।

      ਉਨ੍ਹਾਂ ਦੱਸਿਆ ਕਿ ਪੋਰਟਲ ਤੇ ਕਿਸਾਨਾਂ ਵੱਲੋਂ ਦਿੱਤੀ ਗਈ ਜਾਣਕਾਰੀ ਨੂੰ ਮੌਕੇ ਤੇ ਹੀ ਨਿਯੁਕਤ ਕੀਤੇ ਗਏ ਅਧਿਕਾਰੀ ਵੱਲੋਂ ਤਸਦੀਕ ਕੀਤੀ ਜਾਵੇਗੀ ਅਤੇ ਲਾਭ ਲੈਣ ਵਾਲੇ ਕਿਸਾਨਾਂ ਦੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਫਿਜੀਕਲ ਵੈਰੀਫਿਕੇਸ਼ਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਬਲਾਕ ਪੱਧਰ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਅਗਾਂਹਵਧੂ ਕਿਸਾਨ ਮਨਜੀਤ ਸਿੰਘ, ਮਲਕੀਤ ਸਿੰਘ, ਜਸਪਾਲ ਸਿੰਘ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Leave a Reply

Your email address will not be published. Required fields are marked *