ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈਏਐਸ ਵੱਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮਾਮਲਿਆਂ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅਤੇ ਮੇਰੀ ਦੁਕਾਨ ਮੇਰੇ ਨਾਮ ਸਕੀਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਡਾ. ਮਨਦੀਪ ਕੌਰ ਪੀਸੀਐਸ, ਐਸਡੀਐਮ ਸ੍ਰੀ ਕੰਨਵਰਜੀਤ ਸਿੰਘ ਪੀਸੀਐਸ, ਸ੍ਰੀ ਜੁਗਰਾਜ ਸਿੰਘ ਪੀਸੀਐਸ ਅਤੇ ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ ਪੀਸੀਐਸ, ਪੰਜਾਬ ਟਰੇਡ ਕਮਿਸ਼ਨ ਦੇ ਚੇਅਰਮੈਂਨ ਸ੍ਰੀ ਅਨੁਰਾਜ ਅਹੂਜਾ, ਮੈਂਬਰ ਸ੍ਰੀ ਅਤੁਲ ਨਾਗਪਾਲ, ਸ੍ਰੀ ਅੰਕੁਸ਼ ਸੇਤੀਆ, ਸ੍ਰੀ ਲਵੀਸ਼ ਚਾਵਲਾ ਆਦਿ ਤੋਂ ਇਲਾਵਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਵਪਾਰੀਆਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦਾ ਹਰ ਸੰਭਵ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨੂੰ ਵਪਾਰਕ ਗਤੀਵਿਧੀਆਂ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਆਨਲਾਈਨ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ ਅਤੇ ਜਿੱਥੇ ਸੰਭਵ ਹੋਵੇ, ਸ਼ਿਕਾਇਤਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਵੱਖ-ਵੱਖ ਹਲਕਿਆਂ ਤੋਂ ਜ਼ਿਲ੍ਹਾ ਫਾਜਿਲਕਾ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਪ੍ਰਾਪਤ ਵਿਕਾਸ ਕਾਰਜਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਬਿਨ੍ਹਾਂ ਕਿਸੇ ਦੇਰੀ ਤੋਂ ਮੁਕੰਮਲ ਕਰਵਾਇਆ ਜਾਵੇ ਅਤੇ ਬਾਕੀ ਰਹਿੰਦੇ ਕੰਮਾਂ ਦਾ ਐਸਟੀਮੇਟ ਬਣਾ ਕੇ ਜਲਦ ਤੋਂ ਜਲਦ ਰਿਪੋਰਟ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਰਿਪੋਰਟ ਵੀ ਸਮੇਂ ਸਿਰ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਦੋਂ ਵੀ ਕੋਈ ਵਿਕਾਸ ਦੇ ਕੰਮ ਨੂੰ ਸ਼ੁਰੂ ਕੀਤਾ ਜਾਣਾ ਹੈ ਤਾਂ ਇਸ ਸੰਬੰਧੀ ਹਲਕੇ ਨਾਲ ਸਬੰਧਤ ਟਰੇਡ ਕਮਿਸ਼ਨ ਦੇ ਨੁਮਾਂਇੰਦੇ ਨੂੰ ਜ਼ਰੂਰ ਜਾਣੂੰ ਕਰਵਾਇਆ ਜਾਵੇ ਅਤੇ ਬਕਾਇਆ ਪਈਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।