ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਾਜਸੀ ਪਾਰਟੀਆਂ ਦੇ ਬੂਥ ਲੈਵਲ ਏਜੰਟ-01 ਅਤੇ 02 ਨੂੰ ਐਸ.ਆਈ.ਆਰ ਦੇ ਕੰਮ ਵਿੱਚ ਸਹਿਯੋਗ ਕਰਨ ਦੀ ਅਪੀਲ

ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਬੂਥ ਲੈਵਲ ਏਜੰਟ-01 ਨਾਲ ਹੋਈ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸਦੇ ਨਾਲ ਹੀ ਅੱਜ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀ.ਐਲ.ਓਜ਼ ਨੇ ਬੀ.ਐਲ.ਏਜ਼. ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ।

ਡਾ.ਸੋਨਾ ਥਿੰਦ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਟ੍ਰੇਨਿੰਗ ਅਤੇ ਇਨੂਮਰੇਸ਼ਨ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋਣ ਨਾਲ ਅਤੇ 25 ਜੂਨ ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਇਨੂਮਰੇਸ਼ਨ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ।

ਡਿਪਟੀ ਕਮਿਸ਼ਨਰ ਨੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਣੇ ਬੂਥ ਲੈਵਲ ਏਜੰਟ-01 ਅਤੇ 02 ਨੂੰ ਐਸ.ਆਈ.ਆਰ ਦੇ ਕੰਮ ਵਿੱਚ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨ।

ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਹਰੇਕ ਪੜਾਅ ਦੌਰਾਨ ਰਾਜਨੀਤਿਕ ਪਾਰਟੀਆਂ ਨੂੰ ਲਾਜ਼ਮੀ ਤੌਰ ’ਤੇ ਸ਼ਾਮਲ ਕੀਤਾ ਜਾਵੇਗਾ। ਉਨਾਂ ਸਮੂਹ ਰਾਜਸੀ ਪਾਰਟੀਆਂ ਨੂੰ ਐਸ.ਆਈ.ਆਰ. ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ।

ਇਸ ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ੍ਰੀਮਤੀ ਨਿਰਮਲਾ ਰਾਣੀ, ਭਾਰਤੀ ਜਨਤਾ ਪਾਰਟੀ ਤੋਂ ਮਾਇੰਕ ਸ਼ਰਮਾਂ, ਆਮ ਆਦਮੀ ਪਾਰਟੀ ਤੋਂ ਮਨਪ੍ਰੀਤ ਸਿੰਘ, ਸ੍ਰੋਮਣੀ ਅਕਾਲੀ ਦਲ ਤੋਂ ਹਰਵਿੰਦਰ ਸਿੰਘ,ਬਹੁਜਨ ਸਮਾਜ ਪਾਰਟੀ ਤੋਂ ਕੁਲਵੰਤ ਸਿੰਘ ਪਾਂਧੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਨਰਿੰਦਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *