ਫਾਜ਼ਿਲਕਾ 11 ਨਵੰਬਰ
ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਦੇਖ-ਰੇਖ ਹੇਠ 11 ਨਵੰਬਰ 2025 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰ ਵਿਖੇ ਪੈਰਾ ਲੀਗਲ ਵਲੰਟੀਅਰਾਂ ਦੀ ਮੀਟਿੰਗ ਆਯੋਜਿਤ ਕੀਤੀ ਗਈ।
ਇਹ ਮੀਟਿੰਗ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ੁਰੂ ਕੀਤੀ ਗਈ “ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ” ਦੇ ਸੰਦਰਭ ਵਿੱਚ ਆਯੋਜਿਤ ਕੀਤੀ ਗਈ।
ਮੈਡਮ ਰੂਚੀ ਸਵਪਨ ਸ਼ਰਮਾ ਨੇ ਸਾਰੇ ਪੈਰਾ ਲੀਗਲ ਵਲੰਟੀਅਰਾਂ ਨੂੰ ਨਸ਼ੇ ਦੀ ਲਤ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਸਮਾਜ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰ ਵਲੰਟੀਅਰ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਨੂੰ ਨਸ਼ੇ ਦੇ ਨੁਕਸਾਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ, ਨਸ਼ਾ ਛੁਡਾਓ ਕੇਂਦਰਾਂ ਅਤੇ ਕਾਨੂੰਨੀ ਸਹਾਇਤਾ ਸੇਵਾਵਾਂ ਬਾਰੇ ਵੀ ਜਾਣਕਾਰੀ ਪਹੁੰਚਾਏ।
ਇਸ ਮੌਕੇ ‘ਤੇ ਮੈਡਮ ਰੂਚੀ ਸਵਪਨ ਸ਼ਰਮਾ ਵੱਲੋਂ ਨਾਲਸਾ (ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ) ਦੀਆਂ ਵੱਖ-ਵੱਖ ਲੋਕ ਹਿਤ ਸਕੀਮਾਂ ਜਿਵੇਂ ਕਿ NALSA JAGRITI SCHEME, NALSA DAWN SCHEME, NALSA LSUC SCHEME, NALSA LSUM SCHEME ਅਤੇ ਨਾਲਸਾ ਵੱਲੋਂ ਚਲਾਈਆਂ ਗਈਆਂ ਹੋਰ ਆਦਿ ਸਕੀਮਾਂ ਬਾਰੇ ਵੀ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ੇ ਦੀ ਬੁਰਾਈ ਸਮਾਜ ਨੂੰ ਅੰਦਰੋਂ ਖੋਕਲਾ ਕਰ ਰਹੀ ਹੈ, ਇਸ ਲਈ ਇਸ ਬਾਰੇ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਜਿਹੀਆਂ ਮੁਹਿੰਮਾਂ ਰਾਹੀਂ ਲੋਕਾਂ ਨੂੰ ਕਾਨੂੰਨੀ ਅਤੇ ਸਮਾਜਿਕ ਪੱਧਰ ‘ਤੇ ਸੁਰੱਖਿਆ ਪ੍ਰਦਾਨ ਕਰਨ ਦਾ ਪ੍ਰਯਾਸ ਕੀਤਾ ਜਾ ਰਿਹਾ ਹੈ।
ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਲਾਹ ਜਾਂ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਟੋਲ ਫ੍ਰੀ ਨੰਬਰ 15100 ‘ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।


