
ਫਤਹਿਗੜ੍ਹ ਸਾਹਿਬ, 5 ਜੂਨ : ਵਧ ਰਹੇ ਉਦਯੋਗੀਕਰਨ ਤੇ ਸ਼ਹਿਰੀਕਰਨ ਕਰਕੇ ਦਰਖਤਾਂ ਦੀ ਅੰਧਾ-ਧੁੰਦ ਕਟਾਈ ਹੋਣ ਨਾਲ ਵਿਸ਼ਵ ਪੱਧਰ ‘ਤੇ ਵਧ ਰਿਹਾ ਤਾਪਮਾਨ, ਸਮੁੱਚੀ ਮਨੁੱਖਤਾ ਲਈ ਬਹੁਤ ਵੱਡੀ ਚੁਣੌਤੀ ਬਣ ਗਿਆ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਪੌਦਾ ਲਗਾ ਕੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੀਤਾ।
ਇਸ ਉਪਰੰਤ ਅੱਜ ਸ਼੍ਰੀ ਅਸ਼ੋਕ ਕੁਮਾਰ ਚੌਹਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਇੱਕ ਨਾਗਰਿਕ, ਇੱਕ ਰੁੱਖ’ ਦੇ ਨਾਅਰੇ ਮੁਤਾਬਕ ਹਰੇਕ ਨਾਗਰਿਕ ਨੂੰ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣ ਅਤੇ ਉਸ ਦੀ ਸਾਂਭ-ਸੰਭਾਲ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ, ਕਿਉਂਕਿ ਧਰਤੀ ਤੋਂ ਬਿਨ੍ਹਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਵਾਤਾਵਰਨ ਨੂੰ ਮਹੱਤਤਾ ਦਿੰਦੇ ਹੋਏ ਗੁਰਬਾਣੀ ਵਿੱਚ ਪਵਨ (ਹਵਾ) ਨੂੰ ਗੁਰੂ ਦਾ ਦਰਜਾ ਦਿੱਤਾ ਹੈ, ਪਾਣੀ ਨੂੰ ਪਿਤਾ ਦਾ ਅਤੇ ਧਰਤੀ ਨੂੰ ਸਭ ਦੀ ਮਾਂ ਦੱਸਿਆ ਹੈ । ਉਨ੍ਹਾਂ ਆਖਿਆ ਕਿ ਵਾਤਾਵਰਨ ਦੀ ਸੰਭਾਲ ਪ੍ਰਤੀ ਸੰਜੀਦਾ ਹੋ ਕੇ ਸਾਨੂੰ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਸਾਰੇ ਜੱਜ ਸਾਹਿਬਾਨਾਂ ਨੇ ਜ਼ਿਲ੍ਹਾ ਕਚਹਿਰੀਆਂ ਦੇ ਪਾਰਕ ਵਿਖੇ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ‘ਇੱਕ ਨਾਗਰਿਕ, ਇੱਕ ਰੁੱਖ’ ਮੁਹਿੰਮ ਨੂੰ ਸਫ਼ਲ ਬਣਾਉਣ ਦਾ ਪ੍ਰਣ ਵੀ ਲਿਆ।
ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਸ਼੍ਰੀ ਅਸ਼ੋਕ ਕੁਮਾਰ ਚੌਹਾਨ ਨੇ ਫਤਿਹਗੜ੍ਹ ਸਾਹਿਬ ਵਿੱਚ ਸਥਿਤ ਸਿੱਖ ਅਜਾਇਬ ਘਰ ਦੇ ਨੇੜੇ ਅਤੇ ਬਾਬਾ ਫਤਿਹ ਸਿੰਘ ਬਾਬਾ ਜ਼ੋਰਾਵਰ ਸਿੰਘ ਸਕੂਲ ਵਿਖੇ ਪੌਦੇ ਲਗਾ ਕੇ ਜ਼ਿਲ੍ਹਾ ਨਿਵਾਸੀਆਂ, ਸਕੂਲ ਅਤੇ ਕਾਲਜ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦੇ ਤਹਿਤ ਵਾਤਾਵਰਨ ਦੀ ਸੰਭਾਲ ਵਿੱਚ ਸੁਚੇਤ ਹੋ ਕੇ ਸਾਨੂੰ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਲੈਫਟੀਨੈਂਟ ਡਾ. ਪੁਸ਼ਪਿੰਦਰ ਸਿੰਘ ਅਤੇ ਸ਼੍ਰੀ ਸਰਤਾਜ ਸਿੰਘ ਸੋਢੀ ਦੀ ਅਗਵਾਈ ਹੇਠ ਐੱਨ.ਸੀ.ਸੀ. ਵਿੰਗ ਮਾਤਾ ਗੁਜ਼ਰੀ ਕਾਲਜ ਦੇ ਬੱਚਿਆਂ ਵੱਲੋਂ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ।
