ਨਸ਼ਿਆਂ ਦੇ ਖਾਤਮੇ ਲਈ ਘਰ ਘਰ ਸੁਨੇਹਾ ਪਹੁੰਚਾਉਣ ਵਿੱਚ ਸਾਰਥਕ ਸਾਬਤ ਹੋਵੇਗੀ ਜ਼ਿਲ੍ਹਾ ਪੱਧਰੀ ਮੈਰਾਥਨ – ਡਾ. ਸੋਨਾ ਥਿੰਦ

ਡਿਪਟੀ ਕਮਿਸ਼ਨਰ ਵੱਲੋਂ 18 ਮਈ ਨੂੰ ਕੀਤੀ ਜਾ ਰਹੀ ਮੈਰਾਥਾਨ ਦੀਆਂ ਤਿਆਰੀਆਂ ਦਾ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 15 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 18 ਮਈ ਨੂੰ ਕੀਤੀ ਜਾਣ ਵਾਲੀ ਜ਼ਿਲ੍ਹਾ ਪੱਧਰੀ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਗੰਭੀਰਤਾ ਨਾਲ ਚੁੱਕੇ ਜਾ ਰਹੇ ਕਦਮਾਂ ਨੂੰ ਸਫਲ ਬਣਾਉਣ ਲਈ ਹਰੇਕ ਅਧਿਕਾਰੀ ਤੇ ਕਰਮਚਾਰੀ ਦਾ ਸਹਿਯੋਗ ਜਰੂਰੀ ਹੈ।

ਡਾ: ਸੋਨਾ ਥਿੰਦ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ 18 ਮਈ ਨੂੰ ਰੋਟਰੀ ਕਲੱਬ ਅਤੇ ਹੋਰ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ੇਸ ਮੈਰਾਥਨ ਕਰਵਾਈ ਜਾ ਰਹੀ ਹੈ ਜੋ ਕਿ 18 ਮਈ ਨੂੰ ਸਵੇਰੇ 7 ਵਜੇ ਰੋਟਰੀ ਕਲੱਬ, ਸਰਹਿੰਦ, ਨੇੜੇ ਆਮ ਖਾਸ ਬਾਗ ਤੋਂ ਸ਼ੁਰੂ ਹੋ ਕੇ ਸਰਹਿੰਦ ਸ਼ਹਿਰ ਦੇ 5 ਕਿਲੋਮੀਟਰ ਏਰੀਏ ਤੱਕ ਦਾ ਸਫ਼ਰ ਤੈਅ ਕਰੇਗੀ।

ਡੀਸੀ ਨੇ ਦੱਸਿਆ ਕਿ ਇਸ ਰੈਲੀ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਦੇ ਵਿਦਿਆਰਥੀ, ਖਿਡਾਰੀ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਭਾਗ ਲੈਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਨਸ਼ਿਆਂ ਦਾ ਸੂਬੇ ‘ਚੋਂ ਮੁਕੰਮਲ ਖ਼ਾਤਮਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਪੈਦਾ ਕਰਨਾ ਹੈ, ਤਾਂ ਜੋ ਇਸ ਲਾਹਣਤ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ, ਉਪ ਮੰਡਲ ਮੈਜਿਸਟਰੇਟ ਖਮਾਣੋਂ ਮਨਰੀਤ ਰਾਣਾ, ਉਪ ਮੰਡਲ ਮੈਜਿਸਟਰੇਟ ਅਮਲੋਹ ਚੇਤਨ ਬੰਗੜ, ਉਪ ਮੰਡਲ ਮੈਜਿਸਟਰੇਟ ਬਸੀ ਪਠਾਣਾ ਹਰਬੀਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *