ਬੱਲੂਆਣਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਸਪੈਂਸਰੀ ਗਰਾਉਂਡ ਬੱਲੂਆਣਾ ਵਿਖੇ ਡਰੋਨ ਸ਼ੋਅ ਸਫਲਤਾਪੂਰਵਕ ਕਰਵਾਇਆ ਗਿਆ।‎
ਇਸ ਦੌਰਾਨ 500 ਡਰੋਨਾਂ ਨੇ ਅਸਮਾਨ ਵਿੱਚ ਰੌਸ਼ਨੀਆਂ ਦੀ ਮਨਮੋਹਕ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ,ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਸੰਗਤ ਨੇ ਇਸ ਵਿਲੱਖਣ ਪੇਸ਼ਕਾਰੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ‎ਇਸ ਤੋਂ ਪਹਿਲਾਂ ਰਾਗੀ ਜਥਾ ਸ. ਸੁਰਿੰਦਰ ਸਿੰਘ ਪਾਰਸ ਵਲੋਂ ਕੀਰਤਨ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਕੀਰਤਨ ਦੀ ਗੂੰਜ ਅਤੇ ਆਕਾਸ਼ ਵਿੱਚ ਚਮਕਦੀਆਂ ਰੌਸ਼ਨ ਆਕ੍ਰਿਤੀਆਂ ਨੇ ਸਮਾਗਮ ਨੂੰ ਰੂਹਾਨੀ ਮਾਹੌਲ ਪ੍ਰਦਾਨ ਕੀਤਾ।‎

ਇਸ ਮੌਕੇ  ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ ਡਰੋਨ ਸ਼ੋਅ, ਡਾਕੂਮੈਂਟਰੀ ਆਦਿ ਸਮਾਗਮ ਕਰਵਾਏ ਜਾ ਰਹੇ ਹਨ।‎ ਉਨ੍ਹਾਂ ਕਿਹਾ ਕਿ 500 ਡਰੋਨਾਂ ਰਾਹੀਂ ਕੀਤੀ ਗਈ ਇਹ ਪੇਸ਼ਕਾਰੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ। ਇਸ ਰਾਹੀਂ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਨੌਜਵਾਨਾਂ ਨੂੰ ਗੁਰੂ ਜੀ ਦੇ ਮਹਾਨ ਫਲਸਫ਼ੇ ਅਤੇ ਸਿੱਖਿਆਵਾਂ ਨਾਲ ਜੋੜਨਾ ਹੈ।

 ਇਸ ਦੌਰਾਨ ਹਾਜ਼ਰ ਸੰਗਤਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਜਾਣਿਆ ਅਤੇ ਡਰੋਨ ਸ਼ੋਅ ਦੁਆਰਾ ਮਨਮੋਹਕ ਪੇਸ਼ਕਾਰੀ ਤੋਂ ਸਿੱਖਿਆ ਪ੍ਰਾਪਤ ਕੀਤੀ।

ਇਸ ਮੌਕੇ ਸਰਪੰਚ ਅਮਰਪੁਰਾ ਸ਼੍ਰੀ ਰਾਜੇਸ਼ ਭਾਟੀ, ਆਮ ਆਦਮੀ ਪਾਰਟੀ ਆਗੂ ਸ੍ਰੀ ਮਨੋਜ ਲੋਈ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼੍ਰੀ ਰਮਨ, ਸਰਪੰਚ ਬੱਲੂਆਣਾ ਸ਼੍ਰੀ ਭਜਨ ਲਾਲ, ਸ੍ਰੀ ਸੰਦੀਪ ਰੋਸ਼ਾਨ ਤੋਂ ਇਲਾਵਾ ਪਤਵੰਤੇ ਸੱਜਣ ਹਾਜ਼ਰ ਸਨ।

Leave a Reply

Your email address will not be published. Required fields are marked *