ਕਿਸੇ ਹਾਲ ਬਖ਼ਸ਼ੇ ਨਹੀਂ ਜਾਣਗੇ ਨਸ਼ਾ ਤਸਕਰ- ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ

*ਜ਼ਿਲ੍ਹੇ ਵਿੱਚ ਵਿਸ਼ੇਸ਼ ਨਾਕਾਬੰਦੀ ਦੌਰਾਨ 550 ਤੋਂ ਵੱਧ ਵਾਹਨਾਂ ਦੀ ਚੈਕਿੰਗ; 295 ਵਾਹਨਾਂ ਦੇ ਕੱਟੇ ਚਲਾਨ; 08 ਮੋਟਰਸਾਈਕਲ ਜ਼ਬਤ

*ਐੱਸ.ਐੱਚ.ਓ. ਖੇੜੀ ਨੌਧ ਸਿੰਘ ਵੱਲੋਂ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥ ਵੀ ਬਰਾਮਦ

*ਬਰਾਮਦ ਹੋਏ ਨਸ਼ੀਲੇ ਪਦਾਰਥਾਂ ਸਬੰਧੀ ਪੜਤਾਲ ਜਾਰੀ

ਬੱਸੀ ਪਠਾਣਾਂ/ਫਤਹਿਗੜ੍ਹ ਸਾਹਿਬ, 02 ਅਪ੍ਰੈਲਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲੀਸ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਨਸ਼ਾ ਤਸਕਰ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾਣਗੇ। ਇਸ ਲਈ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ।

ਇਹ ਜਾਣਕਾਰੀ ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਨੇ ਬੱਸੀ ਪਠਾਣਾਂ ਵਿਖੇ ਡੀ.ਐੱਸ.ਪੀ. ਦਫਤਰ ਦੇ ਬਾਹਰ ਪੁਲੀਸ ਵੱਲੋਂ ਲਾਏ ਨਾਕੇ ਦੀ ਚੈਕਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।

ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਤੇ 14 ਨਾਕੇ ਲਗਾਏ ਗਏ। ਇਸ ਦੌਰਾਨ 550 ਤੋਂ ਵੱਧ ਵਾਹਨ ਚੈੱਕ ਕੀਤੇ ਗਏ ਤੇ 295 ਵਾਹਨਾਂ ਦੇ ਚਲਾਨ ਕੱਟੇ ਗਏ। ਇਸੇ ਦੌਰਾਨ 08 ਮੋਟਰਸਾਈਕਲ ਜ਼ਬਤ ਵੀ ਕੀਤੇ ਗਏ। ਇਸ ਨਾਕਾਬੰਦੀ ਦੌਰਾਨ ਐੱਸ.ਐੱਚ.ਓ. ਖੇੜੀ ਨੌਧ ਸਿੰਘ ਵੱਲੋਂ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ, ਜਿਸ ਸਬੰਧੀ ਅਗਲੇਰੀ ਪੜਤਾਲ ਜਾਰੀ ਹੈ।

ਐੱਸ. ਐੱਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਵੱਡੀ ਗਿਣਤੀ ਨਸ਼ਾ ਤਸਕਰ ਫੜੇ ਜਾ ਚੁੱਕੇ ਹਨ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਦੋ ਨਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਸ਼੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਹੈਲਪਲਾਈਨ ਨੰਬਰ
01763-298022 ਅਤੇ 85588-00599
ਜਾਰੀ ਕੀਤੇ ਗਏ ਹਨ, ਜਿਨ੍ਹਾਂ ‘ਤੇ ਨਸ਼ਿਆਂ ਅਤੇ ਨਸ਼ਾ ਤਸਕਰਾਂ ਬਾਰੇ ਸੂਚਨਾ ਪੁਲੀਸ ਨੂੰ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲਿਆਂ ਦੀ ਪਛਾਣ ਅਤੇ ਸਾਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ।

ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਡੀ. ਐੱਸ.ਪੀ. ਰਾਜ ਕੁਮਾਰ ਵੀ ਮੌਜੂਦ ਸਨ।

Leave a Reply

Your email address will not be published. Required fields are marked *