ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਤਿੰਨ ਜਣੇ 12 ਕਿਲੋ ਹੈਰੋਇਨ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਆਪਣੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸਕਤਰਾ ਦੇ ਵਸਨੀਕ ਗੁਰਜੰਟ ਸਿੰਘ; ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੁੱਗਾ ਦੇ ਵਸਨੀਕ ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਮੋਟਰਸਾਈਕਲ (PB46AL2286) ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਜੰਟ ਸਿੰਘ ਪਾਕਿਸਤਾਨ ਸਥਿਤ ਤਸਕਰ ਦੇ ਸੰਪਰਕ ਵਿੱਚ ਸੀ। ਗੁਰਜੰਟ ਆਪਣੇ ਪਿੰਡ ਦੇ ਆਲੇ-ਦੁਆਲੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਪਹੁੰਚਾਈ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰਦਾ ਸੀ ਅਤੇ ਬਾਅਦ ਵਿੱਚ ਪਾਕਿਸਤਾਨ ਸਥਿਤ ਤਸਕਰ ਦੇ ਨਿਰਦੇਸ਼ਾਂ ਅਨੁਸਾਰ ਆਪਣੇ ਸਾਥੀਆਂ ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੂੰ ਪਹੁੰਚਾਉਂਦਾ ਸੀ।

ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਜੰਟ ਨੂੰ ਡਰੋਨ ਰਾਹੀਂ ਇੱਕ ਵੱਡੀ ਖੇਪ ਮਿਲੀ ਹੈ ਅਤੇ ਉਹ ਇਸਨੂੰ ਆਪਣੇ ਸਾਥੀਆਂ ਤੱਕ ਪਹੁੰਚਾਉਣ ਜਾ ਰਿਹਾ ਹੈ, ਇਸ ਖਾਸ ਸੂਚਨਾ ‘ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਤੋਂ ਪੁਲਿਸ ਟੀਮਾਂ ਨੇ ਟੋਲ ਪਲਾਜ਼ਾ ਦੇ ਨੇੜੇ ਅੰਮ੍ਰਿਤਸਰ ਤੋਂ ਚੱਬਲ ਰੋਡ ਦੇ ਆਲੇ-ਦੁਆਲੇ ਵਿਸ਼ੇਸ਼ ਨਾਕੇ ਲਗਾਏ। ਉਨ੍ਹਾਂ ਕਿਹਾ ਕਿ ਟੀਮਾਂ ਨੇ ਤਿੰਨ ਮੁਲਜ਼ਮਾਂ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ 12 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

Leave a Reply

Your email address will not be published. Required fields are marked *