ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਅੱਠ ਮੁਲਜ਼ਮ 13 ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਛੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 13 ਗੈਰ-ਕਾਨੂੰਨੀ ਪਿਸਤੌਲਾਂ ਅਤੇ 23 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਹ ਜਾਣਕਾਰੀ ਮੰਗਲਵਾਰ ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਦੀਪ (24) ਅਤੇ ਧਰਮਿੰਦਰ ਸਿੰਘ ਉਰਫ਼ ਭਿੰਦਾ (34), ਦੋਵੇਂ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਰਣਗੜ੍ਹ ਦੇ ਵਸਨੀਕ; ਅਮਿਤ (23), ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ ਦਾ ਵਸਨੀਕ; ਹਰਪ੍ਰੀਤ ਸਿੰਘ ਉਰਫ਼ ਹੈਪੀ ਨਿਆਣਾ (26), ਅੰਮ੍ਰਿਤਸਰ ਦੇ ਨਰਾਇਣਗੜ੍ਹ ਦਾ ਵਸਨੀਕ; ਚਮਕੌਰ ਸਿੰਘ (30), ਤਰਨਤਾਰਨ ਦੇ ਪਿੰਡ ਵਾਂ ਤਾਰਾ ਸਿੰਘ ਦਾ ਵਸਨੀਕ; ਕਰਨਪ੍ਰੀਤ ਸਿੰਘ (22), ਤਰਨਤਾਰਨ ਦੇ ਪਿੰਡ ਨੂਰਦੀ ਦਾ ਵਸਨੀਕ; ਗੌਰਵ (26), ਅੰਮ੍ਰਿਤਸਰ ਦੇ ਕਟੜਾ ਕਰਮ ਸਿੰਘ ਦਾ ਵਸਨੀਕ; ਅਤੇ ਵਰੁਣ ਕੁਮਾਰ ਉਰਫ਼ ਵਿੱਕੀ ਗਿੱਲ (33), ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦਾ ਵਸਨੀਕ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਜ਼ਿਗਾਨਾ (ਤੁਰਕੀ ਵਿੱਚ ਬਣੇ), ਦੋ .30 ਬੋਰ (ਚੀਨ ਵਿੱਚ ਬਣੇ), ਇੱਕ 9 ਐਮਐਮ ਅਤੇ ਅੱਠ .30 ਬੋਰ ਪਿਸਤੌਲ ਸ਼ਾਮਲ ਹਨ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਐਕਟਿਵਾ ਸਕੂਟਰ ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਅੱਗੇ ਵੰਡਣ ਅਤੇ ਵਰਤੋਂ ਲਈ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਵਿਚਕਾਰ ਵੀ ਸਬੰਧ ਸਥਾਪਤ ਕੀਤੇ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਨਾਲ ਪਿਛਲੇ ਅਤੇ ਅੱਗੇ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਵਿਸ਼ਾਲ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੇ ਗੁਰਦੀਪ ਸਿੰਘ ਉਰਫ਼ ਦੀਪ ਅਤੇ ਧਰਮਿੰਦਰ ਸਿੰਘ ਉਰਫ਼ ਭਿੰਦਾ ਨੂੰ ਗ੍ਰਿਫ਼ਤਾਰ ਕੀਤਾ ਹੈ, ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਅਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਉਨ੍ਹਾਂ ਕਿਹਾ ਕਿ ਤਿੰਨ ਵੱਖ-ਵੱਖ ਕਾਰਵਾਈਆਂ ਵਿੱਚ ਪੁਲਿਸ ਟੀਮਾਂ ਨੇ ਦੋਸ਼ੀ ਅਮਿਤ, ਹਰਪ੍ਰੀਤ ਉਰਫ਼ ਹੈਪੀ ਅਤੇ ਚਮਕੌਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇੱਕ ਹੋਰ ਕਾਰਵਾਈ ਵਿੱਚ, ਸੀਪੀ ਨੇ ਕਿਹਾ ਕਿ ਪੁਲਿਸ ਟੀਮ ਨੇ ਇੱਕ ਰੁਟੀਨ ਨਾਕਾ ਚੈਕਿੰਗ ਦੌਰਾਨ, ਕਰਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਪੁਲਿਸ ਟੀਮ ਨੇ ਵਰੁਣ ਕੁਮਾਰ ਉਰਫ਼ ਵਿੱਕੀ ਗਿੱਲ ਅਤੇ ਗੌਰਵ ਨੂੰ ਵੀ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧ ਵਿੱਚ, ਛੇ ਵੱਖ-ਵੱਖ ਮਾਮਲੇ – ਐਫਆਈਆਰ ਨੰਬਰ 213 ਮਿਤੀ 15.09.2026, ਐਫਆਈਆਰ ਨੰਬਰ 215 ਮਿਤੀ 16.09.2026 ਅਤੇ ਐਫਆਈਆਰ ਨੰਬਰ 219 ਮਿਤੀ 19.09.2026, ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਛੇਹਰਟਾ ਵਿਖੇ ਦਰਜ ਕੀਤੇ ਗਏ ਹਨ; ਐਫਆਈਆਰ ਨੰਬਰ 247 ਮਿਤੀ 23.08.2026, ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਗੇਟ ਹਕੀਮਾ ਵਿਖੇ; ਐਫਆਈਆਰ ਨੰਬਰ 205 ਮਿਤੀ 21.09.2026, ਅਸਲਾ ਐਕਟ ਦੀ ਧਾਰਾ 25(8) ਤਹਿਤ ਥਾਣਾ ਸੁਲਤਾਨਵਿੰਡ ਵਿਖੇ ਅਤੇ ਐਫਆਈਆਰ ਨੰਬਰ 164 ਮਿਤੀ 21.09.2026, ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਡੀ-ਡਵੀਜ਼ਨ ਅੰਮ੍ਰਿਤਸਰ ਵਿਖੇ ਦਰਜ ਕੀਤੇ ਗਏ ਹਨ।

Leave a Reply

Your email address will not be published. Required fields are marked *