ਵਿਧਾਨ ਸਭਾ ਦੀ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਲਈ ਭਲਾਈ ਕਮੇਟੀ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਮੁਲੰਕਣ

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਅੱਜ ਪਟਿਆਲਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਬਕਿਆਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਮੁਲੰਕਣ ਕੀਤਾ।
ਸਭਾਪਤੀ ਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਵਿੱਚ ਸ਼ਾਮਲ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਭੁੱਚੋਂ ਦੇ ਐਮ.ਐਲ.ਏ. ਮਾਸਟਰ ਜਗਸੀਰ ਸਿੰਘ ਅਤੇ ਅਟਾਰੀ ਤੋਂ ਵਿਧਾਇਕ ਏ.ਡੀ.ਸੀ. ਜਸਵਿੰਦਰ ਸਿੰਘ ਰਮਦਾਸ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਕੇ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ।


ਵਿਧਾਨ ਸਭਾ ਦੀ ਇਸ ਉਚ ਪੱਧਰੀ ਕਮੇਟੀ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਪੂਰਾ-ਪੂਰਾ ਲਾਭ ਉਨ੍ਹਾਂ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ, ਜਿਹੜੇ ਲੋਕ ਇਹ ਲਾਭ ਲੈਣ ਲਈ ਯੋਗ ਹਨ।


ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ,”ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਆਪਣਾ ਬਣਦਾ ਯੋਗਦਾਨ ਪਾਈਏ ਅਤੇ ਦੱਬੇ ਕੁਚਲੇ ਲੋਕਾਂ ਨੂੰ ਉਪਰ ਉਠਾਉਣ ਲਈ ਨਿੱਠਕੇ ਕੰਮ ਕਰੀਏ।” ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਵਿਸ਼ੇਸ਼ ਕੈਂਪ ਲਗਾਕੇ ਲੋਕਾਂ ਨੂੰ ਜਾਗਰੂਕ ਕਰਕੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਜਰੂਰ ਪਹੁੰਚਾਇਆ ਜਾਵੇ।


ਵਿਧਾਨ ਸਭਾ ਕਮੇਟੀ ਨੇ ਇਸ ਮੌਕੇ ਕੁਝ ਵਿਭਾਗੀ ਅਧਿਕਾਰੀਆਂ ਵੱਲੋਂ ਸੂਚਨਾ ਪੂਰੀ ਨਾ ਮੁਹੱਈਆ ਕਰਵਾਉਣ ਦਾ ਨੋਟਿਸ ਲਿਆ ਤੇ ਅਜਿਹੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਮੇਟੀ ਦੀ ਅਗਲੀ ਮੀਟਿੰਗ ਲਈ ਚੰਡੀਗੜ੍ਹ ਵਿਧਾਨ ਸਭਾ ਵਿਖੇ ਤਲਬ ਕੀਤਾ। ਵਿਧਾਇਕਾਂ ਨੇ ਕਈ ਵਿਭਾਗਾਂ ਤੋਂ ਪਿਛਲੇ ਤਿੰਨ ਸਾਲਾਂ ਦੇ ਕੀਤੇ ਕੰਮਾਂ ਦਾ ਵੇਰਵਾ ਵੀ ਤਲਬ ਕੀਤਾ ਅਤੇ ਦਿੱਤੇ ਨਿਰਦੇਸ਼ਾਂ ‘ਤੇ ਕੀਤੇ ਗਏ ਅਮਲ ਦੀ ਮੁਕੰਮਲ ਜਾਣਕਾਰੀ ਸੌਂਪਣ ਦੇ ਨਿਰਦੇਸ਼ ਦਿੱਤੇ। ਕਮੇਟੀ ਨੇ ਹਦਾਇਤ ਕੀਤੀ ਕਿ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।


ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਕਮੇਟੀ ਦਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਕਮੇਟੀ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਬੈਠਕ ਦੌਰਾਨ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏ.ਡੀ.ਸੀ. (ਦਿਹਾਤੀ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ ਹਰਜੋਤ ਕੌਰ, ਐਸ.ਪੀ. ਪੀਬੀਆਈ ਸਵਰਨਜੀਤ ਕੌਰ, ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਵਿਧਾਨ ਸਭਾ ਕਮੇਟੀ ਦੇ ਸਹਾਇਕ ਰਣਗਗਨਜੋਤ ਸਿੰਘ ਢਿੱਲੋਂ ਤੇ ਸੁਪਰਡੈਂਟ ਹਰੀਸ਼ ਕੁਮਾਰ, ਸਮਾਜਿਕ ਸੁਰੱਖਿਆ ਵਿਭਾਗ ਦੇ ਨੋਡਲ ਅਫ਼ਸਰ ਸੁਖਸਾਗਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।


******
ਫੋਟੋ ਕੈਪਸ਼ਨ-ਵਿਧਾਨ ਸਭਾ ਦੀ ਐਸ.ਸੀ., ਐਸ.ਟੀ. ਤੇ ਬੀ.ਸੀ. ਦੀ ਭਲਾਈ ਲਈ ਕਮੇਟੀ ਦੇ ਚੇਅਰਪਰਸਨ ਵਿਧਾਇਕ ਸਰਵਜੀਤ ਕੌਰ ਮਾਣੂਕੇ, ਡਾ. ਜਸਵੀਰ ਸਿੰਘ ਸੰਧੂ, ਇੰਜ. ਅਮਿਤ ਰਤਨ, ਮਾਸਟਰ ਜਗਸੀਰ ਸਿੰਘ ਤੇ ਏ.ਡੀ.ਸੀ. ਜਸਵਿੰਦਰ ਸਿੰਘ ਰਮਦਾਸ ਪਟਿਆਲਾ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦੇ ਹੋਏ।

Leave a Reply

Your email address will not be published. Required fields are marked *