ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪ੍ਰਗਤੀ ਸਬੰਧੀ ਸਮੀਖਿਆ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਬਣਾਏ ਜ਼ਿਲ੍ਹਾ ਤੇ ਹਲਕਾ ਕੋਆਡੀਨੇਟਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਨਸ਼ਾ ਮੁਕਤੀ ਮੋਰਚਾ” ਦੇ ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ, ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਆਮ ਆਦਮੀ ਪਾਰਟੀ ਤੋਂ ਹਲਕਾ ਅਬੋਹਰ ਦੇ ਇੰਚਾਰਜ ਸ੍ਰੀ ਅਰੁਣ ਨਾਰੰਗ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ ਖਿਲਾਫ ਸਖਤੀ ਨਾਲ ਨਜਿੱਠਣ ਦੀ ਹਦਾਇਤ ਕੀਤੀ ਗਈ ਹੈ। ਜਿਸ ਦਾ ਨਤੀਜਾ ਅੱਜ ਸਾਨੂੰ ਦੇਖਣ ਨੂੰ ਵੀ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਜੰਗ ਵਿੱਚ ਸਿਵਲ ਤੇ ਪੁਲਿਸ ਪ੍ਰਸ਼ਾਸਨ, ਡਾਕਟਰ, ਮੈਡੀਕਲ ਟੀਮਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਤੇ ਮਾਪੇ ਆਪਣਾ ਸਹਿਯੋਗ ਦੇਣ ਤਾਂ ਜੋ ਨਸ਼ਿਆਂ ਦਾ ਪੂਰੀ ਤਰ੍ਹਾ ਨਾਲ ਖਾਤਮਾ ਕੀਤਾ ਜਾ ਸਕੇ! ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਬਖਸ਼ਿਆ ਨਾ ਜਾਵੇ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਵੀ ਪੂਰੀ ਜਾਣਕਾਰੀ ਰੱਖੀ ਜਾਵੇ ਤੇ ਉਨ੍ਹਾਂ ਨੂੰ ਵੀ ਕਾਨੂੰਨ ਮੁਤਾਬਕ ਹਦਾਇਤਾਂ ਕੀਤੀਆਂ ਜਾਣ!
“ਨਸ਼ਾ ਮੁਕਤੀ ਮੋਰਚਾ” ਦੇ ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਅਤੇ ਪੁਨਰਵਾਸ ਯਤਨਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਉਨ੍ਹਾਂ ਕਿਹਾ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਛੇੜੀ ਗਈ ਇਸ ਜੰਗ ਦਾ ਮਕਸਦ ਹੀ ਪੂਰੇ ਸੂਬੇ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਨਾਲ ਖਾਤਮਾ ਕਰਨਾ ਹੈ! ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਪੂਰੀ ਦ੍ਰਿੜਤਾ ਅਤੇ ਇਮਾਨਦਾਰੀ ਨਾਲ ਇਸ ਮੁਹਿਮ ਵਿੱਚ ਯੋਗਦਾਨ ਪਾਵੇ ਅਤੇ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਬਣਦੀ ਕਾਰਵਾਈ ਯਕੀਨੀ ਬਣਾਵੇ!
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਮੰਤਰੀ ਨੂੰ ਜ਼ਿਲ੍ਹੇ ਅੰਦਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ, ਜਾਗਰੂਕਤਾ ਪ੍ਰੋਗਰਾਮਾਂ ਅਤੇ ਵੱਖ-ਵੱਖ ਵਿਭਾਗਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ-ਮੁਕਤ ਫਾਜ਼ਿਲਕਾ ਦੇ ਟੀਚੇ ਨੂੰ ਸਾਕਾਰ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ,ਐਸਡੀਐਮ ਫਾਜ਼ਿਲਕਾ ਜੁਗਰਾਜ ਸਿੰਘ ਕਾਹਲੋ, ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ, ਐਸਡੀਐਮ ਅਬੋਹਰ ਸਮੇਤ ਬੀਡੀਓਜ, ਜ਼ਿਲ੍ਹਾ ਤੇ ਬਲਾਕ ਕੁਆਡੀਨੇਟਰ, ਪਿੰਡਾਂ ਦੇ ਸਰਪੰਚ/ਅਹੁਦੇਦਾਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।