ਨਿਯੁਕਤੀ ਪੱਤਰਾਂ ਨਾਲ ਖਿੜੇ ਚਿਹਰੇ, ਨਵੀਆਂ ਜ਼ਿੰਮੇਵਾਰੀਆਂ ਨਾਲ ਜੁੜੇ ਸੁਪਨੇ

ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਮਾਜ ਦੇ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ 39 ਆਂਗਨਵਾੜੀ ਹੈਲਪਰਾਂ ਨੂੰ ਆਪਣੇ ਹੱਥੀਂ ਨਿਯੁਕਤੀ ਪੱਤਰ ਸੌਂਪੇ।
ਨਿਯੁਕਤੀ ਪੱਤਰ ਮਿਲਣ ਦੇ ਇਨ੍ਹਾਂ ਪਲਾਂ ਦੌਰਾਨ ਉਮੀਦਵਾਰਾਂ ਦੇ ਚਿਹਰਿਆਂ ’ਤੇ ਖੁਸ਼ੀ, ਅੱਖਾਂ ਵਿੱਚ ਨਵੀਆਂ ਉਮੀਦਾਂ ਅਤੇ ਦਿਲਾਂ ਵਿੱਚ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਦਾ ਉਤਸ਼ਾਹ ਸਾਫ਼ ਨਜ਼ਰ ਆ ਰਿਹਾ ਸੀ। ਕਿਸੇ ਲਈ ਇਹ ਨੌਕਰੀ ਦਾ ਪਹਿਲਾ ਕਦਮ ਸੀ ਅਤੇ ਕਿਸੇ ਲਈ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਮੌਕਾ।


ਇਸ ਮੌਕੇ ਵਿਧਾਇਕ ਸ਼੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਸਾਰੀਆਂ ਨਵ-ਨਿਯੁਕਤ ਆਂਗਨਵਾੜੀ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀ ਸਿਰਫ਼ ਰੁਜ਼ਗਾਰ ਦਾ ਮੌਕਾ ਹੀ ਨਹੀਂ, ਸਗੋਂ ਸਮਾਜ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਨੀਂਹ ਮਜ਼ਬੂਤ ਕਰਨ ਦੀ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਬੱਚਿਆਂ ਦੀ ਮੁੱਢਲੀ ਦੇਖਭਾਲ, ਪੋਸ਼ਣ ਅਤੇ ਵਿਕਾਸ ਦੇ ਨਾਲ-ਨਾਲ ਮਾਵਾਂ ਅਤੇ ਪਰਿਵਾਰਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ, ਸੇਵਾ-ਭਾਵਨਾ ਅਤੇ ਲਗਨ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਸੇਵਾ ਦਾ ਅਸਲ ਮਕਸਦ ਲੋਕਾਂ ਦੀ ਜ਼ਿੰਦਗੀ ਨੂੰ ਸੌਖਾ ਬਣਾਉਣਾ ਅਤੇ ਲੋੜਵੰਦਾਂ ਤੱਕ ਸਹੂਲਤਾਂ ਪਹੁੰਚਾਉਣਾ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਅਤੇ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਰ ਨਿਯੁਕਤੀ ਇੱਕ ਪਰਿਵਾਰ ਲਈ ਆਰਥਿਕ ਮਜ਼ਬੂਤੀ ਦੇ ਨਾਲ-ਨਾਲ ਨਵੀਂ ਉਮੀਦ ਅਤੇ ਆਤਮ-ਵਿਸ਼ਵਾਸ ਦਾ ਸੰਦੇਸ਼ ਵੀ ਲੈ ਕੇ ਆਉਂਦੀ ਹੈ।
ਇਸ ਮੌਕੇ ਨਵ-ਨਿਯੁਕਤ ਆਂਗਨਵਾੜੀ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਦਿਆਂ ਪੰਜਾਬ ਸਰਕਾਰ ਅਤੇ ਵਿਧਾਇਕ ਸ਼੍ਰੀ ਨਰਿੰਦਰਪਾਲ ਸਿੰਘ ਸਵਨਾ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਸਮਾਗਮ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਨਵਦੀਪ ਕੌਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਗੜਵਾਲ ਹਾਜ਼ਰ ਸਨ।

Leave a Reply

Your email address will not be published. Required fields are marked *