ਫ਼ਤਹਿਗੜ੍ਹ ਸਾਹਿਬ, 13 ਜੁਲਾਈ:
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਹੱਤਵਪੂਰਨ ‘ਫਰਿਸ਼ਤੇ’ ਸਕੀਮ, ਸੜਕ ਹਾਦਸਿਆਂ ਤੋਂ ਪ੍ਰਭਾਵਿਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਪ੍ਰਦਾਨ ਕਰਕੇ ਕੀਮਤੀ ਜਾਨਾਂ ਬਚਾਉਣਾ ਅਤੇ ਉਨ੍ਹਾਂ ਮਦਦਗਾਰਾਂ ਨੂੰ ਪ੍ਰੋਤਸਾਹਿਤ ਕਰਨਾ ਹੈ ਜੋ ਅਜਿਹੇ ਹਾਲਾਤਾਂ ਵਿੱਚ ਅੱਗੇ ਆਉਂਦੇ ਹਨ।ਉਨ੍ਹਾਂ ਕਿਹਾ ਕਿ ਇਹ ਸਕੀਮ ਸੂਬੇ ਵਿੱਚ ਸਿਹਤ ਸੰਭਾਲ ਅਤੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਇੱਕ ਮਿਸਾਲੀ ਕਦਮ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਵੀ ਨਾਗਰਿਕ ਸਵੈ ਇੱਛਾ ਨਾਲ ਦੁਰਘਟਨਾ ਪੀੜਤਾਂ ਦੀ ਜਾਨ ਬਚਾਉਣ ਵਿੱਚ ਮਦਦ ਕਰਦਾ ਹੈ ਤਾਂ ਉਸ ਨੂੰ ‘ਫਰਿਸ਼ਤਾ’ ਮੰਨਦੇ ਹੋਏ 2 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਤੇ ਪ੍ਰਸੰਸਾ ਪੱਤਰ ਨਾਲ ਨਿਵਾਜਿਆ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਾਗਰਿਕਾਂ ਨੂੰ ਦੁਰਘਟਨਾਵਾਂ ਵਿੱਚ ਜ਼ਖਮੀ ਹੋਣ ਵਾਲੇ ਵਿਅਕਤੀਆਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੀਮਤੀ ਜਾਨਾਂ ਨੂੰ ਬਚਾਉਣ ਲਈ ਇਹ ਮਨੁੱਖਤਾ ਦੀ ਇੱਕ ਵੱਡੀ ਸੇਵਾ ਸਾਬਤ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਕੀਮ ‘ ਸੁਨਹਿਰੀ ਘੰਟੇ’ ਦਾ ਵੱਧ ਤੋਂ ਵੱਧ ਲਾਭ ਉਠਾਉਣ ‘ਤੇ ਕੇਂਦ੍ਰਿਤ ਹੈ, ਜੋ ਕਿ ਹਾਦਸੇ ਤੋਂ ਬਾਅਦ ਦਾ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ ਜਿੱਥੇ ਤੁਰੰਤ ਇਲਾਜ ਨਾਲ ਜ਼ਖਮੀ ਵਿਅਕਤੀ ਦੇ ਬਚਣ ਦੀ ਸੰਭਾਵਨਾ ਬਹੁਤ ਵਧ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨੇ ਨਾ ਸਿਰਫ਼ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਅਤੇ ਸੱਟਾਂ ਦੀ ਦਰ ਨੂੰ ਘਟਾਉਣ ਵਿੱਚ ਮਦਦ ਕੀਤੀ ਹੈ, ਬਲਕਿ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਜ਼ਖਮੀ ਲੋਕਾਂ ਦੀ ਮਦਦ ਕਰਨ ਲਈ ਵੀ ਉਤਸ਼ਾਹਿਤ ਕੀਤਾ ਹੈ।