ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ- ਹਰਪ੍ਰੀਤ ਪਾਲ ਕੌਰ

ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ  ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰ ਰਿਹਾ ਹੈ। ਇਸੇ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤ ਪਾਲ ਕੌਰ ਨੇ  ਪਿੰਡ ਚੱਕ ਸੈਦੋ ਕੇ, ਘੰਗਾ ਖੁਰਦ, ਘੰਗਾ ਕਲਾਂ, ਸਵਾਹ ਵਾਲਾ, ਚੱਕ ਸਵਾਹ ਵਾਲਾ, ਲਧੂ ਵਾਲਾ ਆਦਿ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਹਿੱਤ ਲਗਾਤਾਰ ਕਾਰਜਸ਼ੀਲ ਹੈ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ।
      ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਲਗਾਤਾਰ ਪਿੰਡਾਂ ਦਾ ਦੌਰਾ ਕਰ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ|


       ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਿੰਡਾਂ ਵਿਚ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ।
ਇਸ ਮੌਕੇ ਖੇਤੀਬਾੜੀ ਅਫ਼ਸਰ ਮੈਡਮ ਮਮਤਾ, ਏ ਡੀ ਓ ਲਵਪ੍ਰੀਤ ਸਿੰਘ, ਏ ਡੀ ਓ ਆਸ਼ੂ ਬਾਲਾ, ਨੋਡਲ ਅਫ਼ਸਰ ਸੰਦੀਪ ਕੁਮਾਰ, ਏਐਸਆਈ ਸੁਰਿੰਦਰ ਕੰਬੋਜ ਅਤੇ ਹਰਸ਼ਵਿੰਦਰ ਸਿੰਘ ਨੰਬਰਦਾਰ ਚੱਕ ਸੈਦੋਕੇ ਮੌਜੂਦ ਸਨ |

Leave a Reply

Your email address will not be published. Required fields are marked *