ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ-ਡਿਪਟੀ ਕਮਿਸ਼ਨਰ

 ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਤੇ ਉਸ ਉਪਰੰਤ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਨਹੀਂ ਲਿਆਂਦੀ ਜਾਂਦੀ ਜਿਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਜ਼ਿਆਦਾ ਦੇਰ ਤੱਕ ਮੰਡੀ ਵਿੱਚ ਬੈਠਣਾ ਪੈਂਦਾ ਹੈ ਉੱਥੇ ਹੀ ਖ਼ਰੀਦ, ਲਿਫਟਿੰਗ ਤੇ ਜਾਮ ਦੀ ਸਮੱਸਿਆ ਆਉਂਦੀ ਹੈ, ਸੋ ਕਿਸਾਨ ਵੀਰ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਕਟਵਾਉਣ।


ਉਨ੍ਹਾਂ ਅੱਗੇ ਕਿਹਾ ਕਿ ਮੰਡੀ ਵਿੱਚ ਝੋਨਾ ਲਿਆਉਣ ਸਮੇਂ ਉਸ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੱਕ ਹੋਣੀ ਚਾਹੀਦੀ ਹੈ ਕਿਉਂਕਿ ਸਰਕਾਰ ਵੱਲੋਂ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਇਸ ਵਾਰ 100 ਮੰਡੀਆਂ ਝੋਨੇ ਦੀ ਖਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ‘ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾਵੇਗੀ।  ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਨ ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ। ਰਾਤ ਵੇਲੇ ਝੋਨੇ ਦੀ ਕਟਾਈ ਨਾ ਕੀਤੀ ਜਾਵੇ।

Leave a Reply

Your email address will not be published. Required fields are marked *