ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਨੂੰ ਤਰਜ਼ੀਹ ਦੇਣ-ਡਿਪਟੀ ਕਮਿਸ਼ਨਰ

ਗਿੱਲੇ ਝੋਨੇ ਦੀ ਕਟਾਈ ਕਰਨ ਵਾਲੇ ਕੰਬਾਇਨ ਮਾਲਕਾਂ ਵਿਰੁੱਧ ਹੋਵੇਗੀ ਕਾਰਵਾਈ : ਸੋਨਾ ਥਿੰਦ

ਫ਼ਤਿਹਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਰਨ ਤੇ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲ ਮੰਡੀ ਲਿਜਾਣ ਤੋਂ ਪਹਿਲਾਂ ਨਮੀ ਦੀ ਜਾਂਚ ਜ਼ਰੂਰ ਕਰਵਾਉਣ। ਜੇਕਰ ਨਮੀ ਨਿਰਧਾਰਤ 17 ਫ਼ੀਸਦੀ ਹੱਦ ਤੋਂ ਵੱਧ ਹੋਵੇ ਤਾਂ ਝੋਨੇ ਨੂੰ ਚੰਗੀ ਤਰ੍ਹਾਂ ਸੁਕਾਉਣ ਉਪਰੰਤ ਹੀ ਮੰਡੀ ਲਿਆਂਦਾ ਜਾਵੇ, ਤਾਂ ਜੋ ਖਰੀਦ ਵਿੱਚ ਦੇਰੀ ਅਤੇ ਬੇਲੋੜੀ ਖੱਜਲ-ਖੁਆਰੀ ਤੋਂ ਬਚਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕੰਬਾਈਨ ਮਾਲਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਗਿੱਲੇ ਝੋਨੇ ਦੀ ਕਟਾਈ ਬਿਲਕੁਲ ਨਾ ਕਰਨ ਅਤੇ ਕਿਸਾਨਾਂ ਨੂੰ ਫ਼ਸਲ ਸੁੱਕਣ ਉਪਰੰਤ ਹੀ ਕਟਾਈ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕਾਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਡਾ.ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲੇ ਦੀਆਂ ਸਮੂਹ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2 ਲੱਖ 86 ਹਜਾਰ 366 ਮੀਟਿਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 02 ਲੱਖ 80 ਹਜਾਰ 240 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ 02 ਲੱਖ 11 ਹਜਾਰ 400 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 634.19 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।

      ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 128097 ਮੀਟਰਿਕ ਟਨ, ਮਾਰਕਫੈੱਡ ਵੱਲੋਂ 51786 ਮੀਟਰਿਕ ਟਨ, ਪਨਸਪ ਵੱਲੋਂ 61699 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 29612 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 8632 ਮੀਟਰਿਕ ਟਨ ਤੇ ਵਪਾਰੀਆਂ ਵੱਲੋਂ 1078 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

Leave a Reply

Your email address will not be published. Required fields are marked *