ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਕੌਰ

ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ।

ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ ਬੇਲਰ, ਰੇਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ ਸੁਪਰ ਐਸ.ਐਮ.ਐਸ. ਆਦਿ ਮਸ਼ੀਨਾਂ ਦੀ ਖਰੀਦ ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ।

 ਡਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ।

ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ‘ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ।

Leave a Reply

Your email address will not be published. Required fields are marked *