ਫ਼ਤਹਿਗੜ੍ਹ ਸਾਹਿਬ : ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਈ.ਵੀ.ਐੱਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਜਾਰੀ

ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐੱਫ.ਐੱਲ.ਸੀ.) ਦੀ ਪ੍ਰਕਿਰਿਆ ਜਾਰੀ ਹੈ। ਇਸ ਚੈਕਿੰਗ ਦਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਜਾਇਜ਼ਾ ਲਿਆ ਗਿਆ।

ਇਸ ਮੌਕੇ ਡਾ. ਸੋਨਾ ਥਿੰਦ ਨੇ ਦੱਸਿਆ ਕਿ ਫਸਟ ਲੈਵਲ ਚੈਕਿੰਗ ਚੋਣਾਂ ਦੀਆਂ ਤਿਆਰੀਆਂ ਦਾ ਅਹਿਮ ਪੜਾਅ ਹੈ, ਜਿਸ ਦਾ ਮੁੱਖ ਉਦੇਸ਼ ਈ.ਵੀ.ਐੱਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਤਕਨੀਕੀ ਕਾਰਜਕੁਸ਼ਲਤਾ ਦੀ ਬਾਰੀਕੀ ਨਾਲ ਜਾਂਚ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਦਰੁਸਤ ਅਤੇ ਕਾਰਜਸ਼ੀਲ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਇਹ ਸਮੁੱਚੀ ਜਾਂਚ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐੱਲ.) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ, ਸੁਰੱਖਿਆ ਅਤੇ ਜਵਾਬਦੇਹੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਦੇ ਅਧਿਕਾਰਤ ਨੁਮਾਇੰਦਿਆਂ ਨੂੰ ਵੀ ਇਸ ਪੂਰੀ ਪ੍ਰਕਿਰਿਆ ਦਾ ਨਿਰੀਖਣ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਐੱਫ.ਐੱਲ.ਸੀ. ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਆਪਣੀ ਪਾਰਟੀ ਦੇ ਨੁਮਾਇੰਦੇ ਨਾਮਜ਼ਦ ਕਰਨ ਅਤੇ ਉਨ੍ਹਾਂ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਐੱਫ.ਐੱਲ.ਸੀ. ਦੌਰਾਨ ਜ਼ਿਲ੍ਹਾ ਪੱਧਰੀ ਈ.ਵੀ.ਐੱਮ. ਵੇਅਰਹਾਊਸ ਵਿਖੇ ਦਾਖ਼ਲੇ ਲਈ ਸਿਆਸੀ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਗਏ ਨੁਮਾਇੰਦਿਆਂ ਲਈ ਐਂਟਰੀ ਪਾਸ ਲਾਜ਼ਮੀ ਹੋਣਗੇ। ਇਹ ਐਂਟਰੀ ਪਾਸ ਸਬੰਧਤ ਸਿਆਸੀ ਪਾਰਟੀ ਵੱਲੋਂ ਜਾਰੀ ਅਥਾਰਟੀ ਪੱਤਰ ਜਮ੍ਹਾਂ ਕਰਵਾ ਕੇ ਜ਼ਿਲ੍ਹਾ ਚੋਣ ਦਫ਼ਤਰ, ਫ਼ਤਹਿਗੜ੍ਹ ਸਾਹਿਬ ਤੋਂ ਬਣਵਾਏ ਜਾ ਸਕਦੇ ਹਨ।

Leave a Reply

Your email address will not be published. Required fields are marked *