‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜ਼ਿਲ੍ਹੇ ‘ਚ ਚਲਾਇਆ ਕਾਸੋ ਆਪ੍ਰੇਸ਼ਨ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ‘ਚ 10 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਚਲਾਈ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਲੜਾਈ ਤਹਿਤ ਅੱਜ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਅੰਦਰ ਕਾਸੋ ਆਪ੍ਰੇਸ਼ਨ ਚਲਾਇਆ ਗਿਆ।

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਸ਼ੱਕੀ ਸਥਾਨਾਂ ‘ਤੇ ਪੁਲਿਸ ਵੱਲੋਂ ਰਾਤ ਦੀ ਗਸ਼ਤ ਵਿੱਚ ਵਾਧਾ ਕੀਤਾ ਗਿਆ ਹੈ ਤੇ ਸਮੇਂ ਸਮੇਂ ‘ਤੇ ਕਾਸੋ ਅਤੇ ਆਪ੍ਰੇਸ਼ਨ ਸੀਲ ਤਹਿਤ ਵੱਡੀ ਪੱਧਰ ‘ਤੇ ਤਲਾਸ਼ੀ ਮੁਹਿੰਮ ਵੀ ਚਲਾਈ ਜਾਂਦੀ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਅੱਜ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ, ਢੇਹਾ ਕਲੋਨੀ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਅੰਦਰ ਸਥਿਤ ਥਾਣਿਆ ਅਧੀਨ ਆਉਂਦੇ ਇਲਾਕਿਆਂ ‘ਚ ਜੰਗੀ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਜ਼ਿਲ੍ਹੇ ‘ਚ 10 ਥਾਵਾਂ ‘ਤੇ ਤਲਾਸ਼ੀ ਕੀਤੀ ਗਈ ਹੈ ਤੇ 12 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 187 ਨਸ਼ੀਲੀਆਂ ਗੋਲੀਆਂ, 550 ਰੁਪਏ ਡਰੱਗ ਮਨੀ, , 2 ਇੰਜੈਕਸ਼ਨ ਅਤੇ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਸ ਦੌਰਾਨ ਐਸ.ਪੀ. ਰਾਕੇਸ਼ ਕੁਮਾਰ ਯਾਦਵ ਤੋਂ ਇਲਾਵਾ ਬਾਕੀ ਸਬ-ਡਵੀਜ਼ਨਾਂ ਵਿਖੇ ਡੀ.ਐਸ.ਪੀਜ਼ ਤੇ ਹੋਰ ਅਧਿਕਾਰੀਆਂ ਨੇ ਤਲਾਸ਼ੀ ਮੁਹਿੰਮ ਦੀ ਕਮਾਨ ਸੰਭਾਲੀ।

Leave a Reply

Your email address will not be published. Required fields are marked *