ਜਨਗਣਨਾ-2027 ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸੈਮੀਨਾਰਾਂ ਦੌਰਾਨ ਵਿਦਿਆਰਥੀਆਂ ਅਤੇ ਹੋਰਨਾਂ ਹਾਜ਼ਰੀਨ ਨੂੰ ਜਨਗਣਨਾ-2027 ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਅਤੇ ਵਿਸ਼ੇਸ਼ ਤੌਰ ‘ਤੇ ਸੈਲਫ ਇਨਿਊਮਰੇਸ਼ਨ (ਸਵੈ-ਗਣਨਾ) ਰਾਹੀਂ ਵੱਧ ਤੋਂ ਵੱਧ ਯੋਗਦਾਨ ਪਾਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਲਫ ਇਨਿਊਮਰੇਸ਼ਨ ਦੀ ਸਹੂਲਤ ਤਹਿਤ ਕੋਈ ਵੀ ਨਾਗਰਿਕ ਆਪਣੇ ਘਰ ਬੈਠੇ ਹੀ ਅਧਿਕਾਰਤ ਵੈੱਬਸਾਈਟ https://se.census.gov.in/ ਰਾਹੀਂ ਆਪਣੇ ਪਰਿਵਾਰ ਅਤੇ ਘਰ ਦੇ ਮੈਂਬਰਾਂ ਸਬੰਧੀ ਲੋੜੀਂਦੀ ਜਾਣਕਾਰੀ ਖੁਦ ਦਰਜ ਕਰ ਸਕਦਾ ਹੈ। ਇਹ ਸਹੂਲਤ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਦੌਰਾਨ ਸੈਲਫ ਇਨਿਊਮਰੇਸ਼ਨ ਪ੍ਰਕਿਰਿਆ ਵਿੱਚ ਹਿੱਸਾ ਲੈਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ, ਤਾਂ ਜੋ ਜਨਗਣਨਾ-2027 ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।