ਫਾਜ਼ਿਲਕਾ : ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ, ਖੇਤਾਂ ਵਿੱਚ ਪਹੁੰਚ ਕੇ ਬੁਝਾਈ ਅੱਗ, ਕਾਰਵਾਈ ਦੀ ਚਿਤਾਵਨੀ

ਫਾਜ਼ਿਲਕਾ: ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਦਾਰ ਹਰਜਿੰਦਰ ਸਿੰਘ ਨੇ ਵੱਖ-ਵੱਖ ਪਿੰਡਾਂ ਵਿੱਚ ਖੇਤਾਂ ਦਾ ਨਿਰੀਖਣ ਕਰਕੇ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਚੈਕਿੰਗ ਮੁਹਿੰਮ ਤਹਿਤ ਪਿੰਡ ਚੁਵੜੀਆਂ ਵਾਲੀ, ਅਭੁਨ, ਪੂਰਨ ਪੱਟੀ, ਚੱਕਵਨ ਵਾਲਾ, ਖਰਾਸ ਵਾਲੀ ਢਾਣੀ, ਪੈਂਚਾਂ ਵਾਲੀ, ਲਾਲੋ ਵਾਲੀ ਅਤੇ ਜੋੜਕੀ ਅੰਧੇਵਾਲੀ ਵਿੱਚ ਖੇਤਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਪਿੰਡ ਅਭੁਨ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਅਤੇ ਵਾਤਾਵਰਨ ਨੂੰ ਪਹੁੰਚਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਅਭੁਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਦੀਆਂ ਗੱਠਾਂ ਬਣਵਾ ਕੇ ਖੇਤਾਂ ਵਿੱਚ ਅਗਲੀ ਫ਼ਸਲ ਦੀ ਬਿਜਾਈ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਹਾਲਾਂਕਿ, ਕੁਝ ਥਾਵਾਂ ’ਤੇ ਪਰਾਲੀ ਦੇ ਬਚੇ ਹੋਏ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਈ ਜਾ ਰਹੀ ਸੀ। ਇਸ ਸਬੰਧੀ ਸੂਚਨਾ ਮਿਲਣ ’ਤੇ ਥਾਣਾ ਸਦਰ ਪੁਲਿਸ ਦੇ ਕਰਮਚਾਰੀਆਂ, ਨੋਡਲ ਅਫ਼ਸਰ ਅਤੇ ਕਲੱਸਟਰ ਅਫ਼ਸਰ ਦੇ ਸਹਿਯੋਗ ਨਾਲ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਈ ਗਈ ਅਤੇ ਕਿਸਾਨਾਂ ਨੂੰ ਅਜਿਹਾ ਨਾ ਕਰਨ ਲਈ ਜਾਗਰੂਕ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਸਪੱਸ਼ਟ ਨਿਰਦੇਸ਼ ਹਨ ਕਿ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਸਬੰਧਤ ਵਿਅਕਤੀ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਲੋੜ ਪੈਣ ’ਤੇ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜ਼ਿਆਦਾਤਰ ਕਿਸਾਨ ਪ੍ਰਸ਼ਾਸਨ ਦੀ ਜਾਗਰੂਕਤਾ ਮੁਹਿੰਮ ਵਿੱਚ ਸਹਿਯੋਗ ਕਰਦੇ ਹੋਏ ਪਰਾਲੀ ਸਾੜਨ ਤੋਂ ਗੁਰੇਜ਼ ਕਰ ਰਹੇ ਹਨ।

ਹਰਜਿੰਦਰ ਸਿੰਘ ਨੇ ਦੱਸਿਆ ਕਿ ਪਰਾਲੀ ਦੀਆਂ ਗੱਠਾਂ ਤਿਆਰ ਕਰਵਾਉਣ ਲਈ ਕਿਸਾਨਾਂ ਦੇ ਨਾਲ-ਨਾਲ ਉਦਯੋਗਿਕ ਇਕਾਈਆਂ, ਬਿਜਲੀ ਪਲਾਂਟਾਂ ਅਤੇ ਗੱਤਾ ਫੈਕਟਰੀਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਤਿਆਰ ਕੀਤੀਆਂ ਗੱਠਾਂ ਦੀ ਵੱਖ-ਵੱਖ ਕੰਮਾਂ ਲਈ ਵਰਤੋਂ ਕੀਤੀ ਜਾ ਰਹੀ ਹੈ, ਜਿਸ ਨਾਲ ਖੇਤਾਂ ਵਿੱਚ ਪਰਾਲੀ ਸਾੜਨ ਦੀ ਲੋੜ ਨਹੀਂ ਪੈਂਦੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸਹੀ ਪ੍ਰਬੰਧਨ ਕਰਨ। ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਿੰਡਾਂ ਅਤੇ ਖੇਤਾਂ ਵਿੱਚ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *