ਝੋਨੇ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਵਾਢੀ ਦਾ ਕੰਮ ਪੂਰੇ ਜੋਰ ਤੇ ਚੱਲ ਰਿਹਾ ਹੈ। ਝੋਨੇ ਦੀ ਵਾਢੀ ਦੇ ਨਾਲ ਹੀ ਪਰਾਲੀ ਨੂੰ ਅੱਗ ਲਾਉਂਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਪ੍ਰਸ਼ਾਸਨ ਅਤੇ ਸਾਰਾ ਖੇਤੀਬਾੜੀ ਮਹਿਕਮਾ ਸਰਗਰਮ ਹੋ ਜਾਂਦਾ ਹੈ ।
ਜ਼ਿਲ੍ਹੇ ਵਿੱਚ ਹੁਣ ਤੱਕ ਤਕਰੀਬਨ 52% ਝੋਨੇ ਦੀ ਵਾਢੀ ਹੋ ਚੁੱਕੀ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਵੱਲੋਂ ਬੜੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਖੇਤੀਬਾੜੀ ਮਹਿਕਮੇ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਸਾਲ 2026-27 ਦੌਰਾਨ ਸੀਆਰ ਐਮ ਸਕੀਮ ਅਧੀਨ ਕਿਸਾਨਾਂ ਨੂੰ 1229 ਮਸ਼ੀਨਾਂ ਸਬਸਿਡੀ ਤੇ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਅਤੇ ਪੁਲਿਸ ਮਹਿਕਮੇ ਵੱਲੋਂ ਅੱਗ ਲਗਾਉਣ ਵਾਲੇ ਕਿਸਾਨਾਂ ਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ। ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਵਾਲੇ ਪੰਜ ਕਿਸਾਨਾਂ ਤੇ ਐਫਆਈਆਰ ਦਰਜ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਹਵਾ ਦੀ ਗੁਣਵੱਤਾ ਤੇ ਮਾੜਾ ਅਸਰ ਪੈਂਦਾ ਹੈ।ਸੋ ਇਸ ਨੂੰ ਜਮੀਨ ਵਿੱਚ ਹੀ ਵਾਹਿਆ ਜਾਵੇ ਜਾਂ ਫਿਰ ਇਸ ਦੀਆਂ ਗੱਠਾਂ ਹੈ ਬਣਵਾਈਆਂ ਜਾਣ।