ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਸੀਆਰੀਪੀਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਤਿਉਹਾਰਾਂ ਮੌਕੇ ਲੋਕਾਂ ਨੂੰ ਗਰੀਨ ਪਟਾਖੇ ਚਲਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ 8 ਨਵੰਬਰ 2026 ਨੂੰ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ, 24 ਨਵੰਬਰ 2026 ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ, ਕ੍ਰਿਸਿਮਸ ਤੇ 25 ਤੇ 26 ਦਸੰਬਰ ਕ੍ਰਮਵਾਰ ਰਾਤ 11:55 ਤੋਂ ਸਵੇਰੇ 12:30 ਵਜੇ ਤੱਕ ਅਤੇ ਨਵੇਂ ਸਾਲ ਤੇ 31 ਦਸੰਬਰ ਤੇ 1 ਜਨਵਰੀ ਕ੍ਰਮਵਾਰ ਰਾਤ 11:55 ਤੋਂ ਸਵੇਰੇ 12:55 ਤੱਕ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ ਅਤੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਦਿਨਾਂ ਵਿੱਚ ਆਮ ਤੌਰ ਤੇ ਲੋਕਾਂ ਵੱਲੋਂ ਪਟਾਖੇ, ਆਤਿਸ਼ਬਾਜੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸ਼ੋਰ ਸ਼ਰਾਬਾ ਪੈਦਾ ਹੁੰਦਾ ਹੈ ਤੇ ਪ੍ਰਦੂਸ਼ਣ ਫੈਲਦਾ ਹੈ। ਇਸ ਲਈ ਪੈਦਾ ਹੋਣ ਵਾਲੇ ਖਤਰੇ ਤੋਂ ਬਚਣ ਲਈ ਜ਼ਿਲ੍ਹਾ ਫਾਜ਼ਿਲਕਾ ਅੰਦਰ ਪਟਾਖੇ, ਆਤਿਸ਼ਬਾਜੀ ਆਦਿ ਬਣਾਉਣ, ਸਟੋਰ ਕਰਨ ਅਤੇ ਖਰੀਦਣ/ਵੇਚਣ ਨੂੰ ਨਿਯਮਤ ਕਰਨਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਤਿਉਹਾਰਾਂ ਸਮੇਂ ਪਟਾਖੇ ਆਦਿ ਚਲਾਉਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇਨ੍ਹਾਂ ਤਿਉਹਾਰਾਂ ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਆਉਂਦੀ ਗੈਰ ਕਾਨੂੰਨੀ ਧਮਾਕੇਖੇਜ ਸਮੱਗਰੀ ਬਣਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਕਰਨ ਨੂੰ ਰੋਕਣ ਲਈ ਇਹ ਜ਼ਰੂਰੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਲਾਕਾ ਵਾਸੀਆਂ ਨੂੰ ਇਨ੍ਹਾਂ ਤਿਊਹਾਰਾਂ ਮੌਕੇ ਤਹਿ ਦਿਲੋ ਸਹਿਯੋਗ ਕਰਨ ਦੀ ਅਪੀਲ ਕੀਤੀ।