ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਨਵੰਬਰ 2026 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੁਕਮ ਮੁਤਾਬਕ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਝੋਨੇ ਦੀ ਫਸਲ ਕੱਟਣ ਉਪਰੰਤ ਜ਼ਮੀਨ ਦੇ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਹਵਾ ਵਿੱਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਰਲੀ ਪਰਤ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਇਸ ਦੇ ਨਾਲ ਆਲੇ-ਦੁਆਲੇ ਖੜ੍ਹੀ ਫਸਲ ਜਾਂ ਪਿੰਡਾਂ ਵਿੱਚ ਅੱਗ ਫੈਲਣ ਦਾ ਡਰ ਬਣਿਆ ਰਹਿੰਦਾ ਹੈ ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਇਸ ਤੋਂ ਇਲਾਵਾ ਦੁਰਲੱਭ ਅਤੇ ਲਾਭਦਾਇਕ ਜੀਵ-ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖਤਮ ਹੋ ਜਾਂਦਾ ਹੈ। ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ।
ਹੁਕਮ ਮੁਤਾਬਕ ਜਿ਼ਲ੍ਹਾ ਫਾਜਿ਼ਲਕਾ ਦੀ ਹਦੂਦ ਅੰਦਰ ਹਰੇ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸਐਮਐਸ ਲਗਾਏ ਬਿਨ੍ਹਾਂ ਫਸਲ ਦੀ ਕਟਾਈ ਨਹੀਂ ਕਰੇਗਾ। ਇਸ ਲਈ ਖੇਤੀਬਾੜੀ ਵਿਭਾਗ ਨੂੰ ਇੰਸਪੈਕਸ਼ਨ ਕਰਨ ਅਤੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪਾਬੰਦ ਕੀਤਾ ਗਿਆ ਹੈ। ਹੁਕਮਾਂ ਦੀ ਉਲੰਘਣਾਂ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।