ਫ਼ਾਜ਼ਿਲਕਾ : ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਪੁਲਿਸ ਲਾਈਨਜ਼ ਫ਼ਾਜ਼ਿਲਕਾ ਵਿਖੇ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਜੁਡੀਸ਼ਰੀ, ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਐਸ.ਐਸ.ਪੀ ਸ. ਗਗਨ ਅਜੀਤ ਸਿੰਘ, ਐਸ.ਡੀ.ਐਮ. ਫਾਜ਼ਿਲਕਾ ਸ. ਜੁਗਰਾਜ ਸਿੰਘ ਸਮੇਤ ਜੁਡੀਸ਼ਰੀ ਅਧਿਕਾਰੀ ਵਿਸ਼ੇਸ਼ ਤੌਰ ’ਤੇ ਪੁੱਜੇ।

ਇਸ ਮੌਕੇ ਡੀ.ਐੱਸ.ਪੀ ਸਬ ਡਵੀਜ਼ਨ ਅਬੋਹਰ ਸਹਿਰੀ ਸ੍ਰੀ. ਹਰੀਸ਼ ਕੁਮਾਰ ਦੀ ਅਗਵਾਈ ਵਿੱਚ ਪੁਲੀਸ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਅਤੇ ਮਹਿਮਾਨਾਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਡੀ.ਐਸ.ਪੀ. ਸ੍ਰੀ ਲਵਦੀਪ ਸਿੰਘ ਗਿਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਇਸ ਉਪਰੰਤ ਵਿਸ਼ੇਸ਼ ਤੌਰ ਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ ਸ. ਗਗਨ ਅਜੀਤ ਸਿੰਘ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਖਾਤਰ ਆਪਣੀ ਜਾਨਾ ਗਵਾਉਣ ਵਾਲੇ ਸ਼ਹੀਦਾਂ *ਤੇ ਸਾਨੂੰ ਮਾਣ ਹੈ ਜੋ ਜਾਨ ਦੀ ਪਰਵਾਹ ਕੀਤੇ ਬਿਨਾਂ ਸਰਹੱਦਾਂ *ਤੇ ਰਹਿ ਕੇ ਦੇਸ਼ ਦੀ ਰਖਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਵਾਲੇ ਇਹ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਉਨ੍ਹਾਂ ਇਨ੍ਹਾਂ ਮਹਾਨ ਸ਼ਹੀਦ ਨੂੰ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਕਰਕੇ ਹੀ ਅਸੀਂ ਬੇਖੌਫ ਘਰਾਂ ਵਿਚ ਆਪਣੀ ਜਿੰਦਗੀ ਬਤੀਤ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਚਾਉਣ ਖਾਤਿਰ ਜਾਨਾਂ ਵਾਰਨ ਵਾਲਿਆਂ ਨੂੰ ਅਸੀਂ ਸਿਜਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਸ਼ਹੀਦੀ ਯਾਦਗਾਰੀ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ।

ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਅੱਤਵਾਦ ਦੌਰਾਨ ਫਾਜ਼ਿਲਕਾ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਜਵਾਨ ਸ਼ਹੀਦ ਹੋਏ ਸਨ ਜਿਨ੍ਹਾਂ ਨੇ ਦੇਸ਼ ਵਿੱਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਹਮੇਸ਼ਾਂ ਇਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਇਹਨਾਂ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਪੁਲਿਸ ਵੱਲੋ ਹਰ ਕਦਮ ‘ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਪੁਲਿਸ ਹਮੇਸ਼ਾ ਤਤਪਰ ਹੈ।

Leave a Reply

Your email address will not be published. Required fields are marked *