ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੁਲਾਜ਼ਮਾਂ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਨੇ ਉਸਾਰੂ ਗੱਲਬਾਤ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਜਲਦ ਤੋਂ ਜਲਦ ਹੱਲ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਸ. ਚੀਮਾ ਨੇ ਯੂਨੀਅਨਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਾਇਜ਼ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ ਅਤੇ ਵਿੱਤ ਵਿਭਾਗ ਜਾਂ ਪ੍ਰਸੋਨਲ ਵਿਭਾਗ ਦੇ ਦਖ਼ਲ ਦੀ ਲੋੜ ਵਾਲੇ ਕੇਸਾਂ ਦੀ ਕਾਰਵਾਈ ‘ਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਸੁਹਿਰਦ ਹੈ।

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮ ਯੂਨੀਅਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖੇਗੀ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਪੰਜਾਬ ਸਰਕਾਰ ਅਤੇ ਇਸ ਦੇ ਮੁਲਾਜ਼ਮਾਂ ਦਰਮਿਆਨ ਭਰੋਸਾ ਹੋਰ ਮਜ਼ਬੂਤ ਹੋਵੇਗਾ।

ਇਸ ਮੀਟਿੰਗ ਵਿੱਚ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਵਿੱਚ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀ. ਜਸਵੀਰ ਸਿੰਘ ਧੀਮਾਨ, ਇੰਜੀ. ਅਜੈਪਾਲ ਸਿੰਘ ਅਟਵਾਲ, ਇੰਜੀ. ਅਮਰਦੀਪ ਸਿੰਘ, ਇੰਜੀ. ਜਤਿੰਦਰ ਗਰਗ, ਇੰਜੀ. ਸੁਖਵੰਤ ਸਿੰਘ ਅਤੇ ਇੰਜੀ. ਡੀ.ਕੇ. ਗੋਇਲ; ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ, ਬਲਵਿੰਦਰ ਸਿੰਘ, ਸੰਦੀਪ ਖੱਤਰੀ, ਸ਼ੇਰ ਸਿੰਘ ਅਤੇ ਮਨਦੀਪ ਸਿੰਘ; ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੀ.ਐਸ.ਈ.ਬੀ. ਵੱਲੋਂ ਕੁਲਜੀਤ ਸਿੰਘ ਰਤੌਲ; ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੇਵਾ ਸਿੰਘ; ਰੂਰਲ ਹੈਲਥ ਫਾਰਮਾਸਿਸਟ ਯੂਨੀਅਨ ਵੱਲੋਂ ਗੁਰਮੀਤ ਸਿੰਘ ਅਤੇ ਨਵਜੋਤ ਕੌਰ; ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵੱਲੋਂ ਕਮਲਜੀਤ ਸਿੰਘ ਚੌਹਾਨ; ਅਤੇ ਪੰਜਾਬ ਪੁਲਿਸ ਵੇਟਿੰਗ ਲਿਸਟ 2016 ਯੂਨੀਅਨ ਵੱਲੋਂ ਅਮਨਦੀਪ ਸਿੰਘ ਹਾਜ਼ਰ ਸਨ। ਹਰੇਕ ਯੂਨੀਅਨ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ, ਜਿਨ੍ਹਾਂ ਨੂੰ ਢੁਕਵੀਂ ਕਾਰਵਾਈ ਲਈ ਤੁਰੰਤ ਨੋਟ ਕੀਤਾ ਗਿਆ।

Leave a Reply

Your email address will not be published. Required fields are marked *