ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨੀਤੀਆਂ ਨੂੰ ਅੱਗੇ ਵਧਾਉਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਯੋਜਨਾਵਾਂ ਵਿੱਚ ਜੰਗਲਾਤ ਕਾਮਿਆਂ ਦਾ ਮਹੱਤਵਪੂਰਨ ਸਥਾਨ ਹੈ।

ਅੱਜ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਿਮ ਯੂਨੀਅਨ, ਪੰਜਾਬ ਨਾਲ ਹੋਈ ਮੀਟਿੰਗ ਵਿੱਚ ਮੰਤਰੀ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਧੀਰਜ ਨਾਲ ਸੁਣਿਆ ਅਤੇ ਉਚ ਪੱਧਰ ‘ਤੇ ਜਾਇਜ਼ ਮੰਗਾਂ ਨੂੰ ਉਠਾਇਆ।
ਫੀਲਡ ਵਰਕਰਾਂ ਦੁਆਰਾ ਕੀਤੇ ਜਾਣ ਵਾਲੇ ਕੰਮਾਂ ਨੂੰ ਉੱਚ ਜੋਖਮ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਮੰਗ ਦੇ ਸੰਬੰਧ ਵਿੱਚ, ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਉਹ ਇਸ ਨੂੰ ਸਰਕਾਰ ਵਿੱਚ ਢੁਕਵੇਂ ਉੱਚ ਪੱਧਰ ‘ਤੇ ਉਠਾਉਣਗੇ।
ਮੀਟਿੰਗ ਦੌਰਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਵਰਕਰ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਕਿਉਂਕਿ ਸੂਬਾ ਸਰਕਾਰ ਵਰਕਰਾਂ ਦੀ ਨੌਕਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤੋਂ ਇਲਾਵਾ, ਠੇਕੇ ‘ਤੇ ਕੋਈ ਵੀ ਕੰਮ ਜਾਰੀ ਨਹੀਂ ਰੱਖਿਆ ਜਾਵੇਗਾ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੰਗਲਾਤ ਵਿਭਾਗ ਵਿੱਚ 1,458 ਕਾਮਿਆਂ ਨੂੰ ਰੈਗੂਲਰ ਕੀਤਾ ਹੈ, ਜਿਸ ਵਿੱਚ ਇਸ ਸਾਲ 516 ਅਤੇ ਪਿਛਲੇ ਸਾਲ 942 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 70000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਹਰੇਕ ਨੌਕਰੀ ਯੋਗਤਾ ਦੇ ਆਧਾਰ ‘ਤੇ ਦਿੱਤੀ ਗਈ ਹੈ ਜੋ ਕਿ ਸੂਬਾ ਸਰਕਾਰ ਦੇ ਕਰਮਚਾਰੀ ਪੱਖੀ ਰਵੱਈਏ ਨੂੰ ਦਰਸਾਉਂਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਸੀਸੀਐਫ (ਐੱਚਓਐਫਐਫ) ਧਰਮਿੰਦਰ ਸ਼ਰਮਾ, ਏਪੀਸੀਸੀਐਫ (ਪ੍ਰਸ਼ਾਸਨ) ਪ੍ਰਤਿਮਾ ਸ਼੍ਰੀਵਾਸਤਵ ਅਤੇ ਏਪੀਸੀਸੀਐਫ (ਪਨਕੈਂਪਾ) ਚਾਰਚਿਲ ਕੁਮਾਰ ਮੌਜੂਦ ਸਨ।
