ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਸਰਕਾਰੀ ਸਕੂਲਾਂ ਦਾ ਹੋ ਰਿਹੈ ਸਰਵਪੱਖੀ ਵਿਕਾਸ-ਵਿਧਾਇਕ ਗੈਰੀ ਬੜਿੰਗ

  • ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕੇ ਦੇ 4 ਸਰਕਾਰੀ ਸਕੂਲਾਂ ਵਿੱਚ 31.76 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਅਮਲੋਹ/ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਦਰਜ਼ੇ ਦੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਸਰਕਾਰੀ ਸਕੂਲਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕੇ ਦੇ 04 ਸਕੂਲਾਂ ਵਿੱਚ 31.76 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਵਿਧਾਇਕ ਗੈਰੀ ਬੜਿੰਗ ਨੇ ਸਰਕਾਰੀ ਪ੍ਰਾਇਮਰੀ ਸਕੂਲ ਰੰਗੇੜੀ ਵਿਖੇ 1.1 ਲੱਖ, ਸਰਕਾਰੀ ਮਿਡਲ ਸਕੂਲ ਤਰਖਾਣ ਮਾਜਰਾ ਵਿਖੇ 5 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਬਡਾਲੀ ਵਿਖੇ 3.7 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਵਿਖੇ 21.96 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ।

ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਜਿੱਥੇ ਰਾਜ ਨੂੰ ਨਸ਼ਾ, ਭ੍ਰਿਸ਼ਟਾਚਾਰ ਅਤੇ ਬੇਰੋਜ਼ਗਾਰੀ ਮੁਕਤ ਬਣਾਉਣ ਲਈ ਨਿਰੰਤਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਉੱਥੇ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵੀ ਪੂਰੀ ਦ੍ਰਿੜਤਾ ਤੇ ਵਚਨਬੱਧਤਾ ਨਾਲ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਇੱਕ ਅਜਿਹੀ ਪਹਿਲਕਦਮੀ ਹੈ ਜਿਸ ਨਾਲ ਜਿਥੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕੀਤਾ ਜਾਵੇਗਾ ਉਥੇ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਤਕਨੀਕਾਂ ਨਾਲ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਹਰਜੀਤ ਸਿੰਘ ਗਰੇਵਾਲ, ਸਰਬਜੀਤ ਸਿੰਘ ਗੁਰਮ, ਗੁਰਸੇਵਕ ਸਿੰਘ ਬਲਾਕ ਪ੍ਰਧਾਨ, ਰਣਧੀਰ ਸਿੰਘ ਬਲਾਕ ਪ੍ਰਧਾਨ, ਸਰਪੰਚ ਰੰਗੇੜੀ ਗਗਨ ਟਿਵਾਣਾ, ਸਰਪੰਚ ਮੁਡੜੀਆਂ ਬਿੱਟੂ ਰਾਮ, ਸਰਪੰਚ ਬਡਾਲੀ ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ ਬਡਾਲੀ, ਸਰਪੰਚ ਨਰਾਇਣਗੜ੍ਹ ਕੁਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ ਤੇ ਮਾਪੇ ਹਾਜਰ ਸਨ।

Leave a Reply

Your email address will not be published. Required fields are marked *