ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ।

ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਹੀ ਸੁਚੱਜੇ ਪ੍ਰਸ਼ਾਸਨ ਦਾ ਆਧਾਰ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸ. ਖੁੱਡੀਆਂ ਨੇ ਕਿਹਾ, “ਅਸੀਂ ਸਿਰਫ਼ ਖਾਲੀ ਆਸਾਮੀਆਂ ਹੀ ਨਹੀਂ ਭਰ ਰਹੇ, ਸਗੋਂ ਇੱਕ ਮਜ਼ਬੂਤ ਅਤੇ ਵਧੇਰੇ ਕੁਸ਼ਲ ਪ੍ਰਸ਼ਾਸਨ ਵੀ ਦੇ ਰਹੇ ਹਾਂ। ਅਸੀਂ ਹਰੇਕ ਯੋਗ ਨੌਜਵਾਨ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਯਕੀਨੀ ਬਣਾ ਰਹੇ ਹਾਂ।”

ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਪਰਮਦੀਪ ਸਿੰਘ ਵਾਲੀਆ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *