Harjinder Singh Dhami: ਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ : ਐਡਵੋਕੇਟ ਧਾਮੀ

Harjinder Singh Dhami: ਭਾਰਤ ਦੇ ਵਿਦੇਸ਼ ਮੰਤਰੀ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਤੇ ਸਿੱਖ ਆਗੂਆਂ ਨੂੰ ਕੀਤੀ ਅਪੀਲ


Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਭਾਰਤੀ ਵਿਦਿਆਰਥੀਆਂ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਉ ਦਾ ਨੋਟਿਸ ਲੈਂਦਿਆਂ ਕਿਹਾ ਕਿ ਕੈਨੇਡਾ ਦੀ ਸਰਕਾਰ ਵਲੋਂ ਇਕ ਪਾਸੇ ਵੱਡੀ ਗਿਣਤੀ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਖੁਲ੍ਹ ਦਿਤੀ ਹੋਈ ਹੈ ਜਦਕਿ ਦੂਜੇ ਪਾਸੇ ਵਿਦਿਆਰਥੀਆਂ ਨੂੰ ਅਪਣੀਆਂ ਸਮੱਸਿਆਵਾਂ ਦੇ ਹੱਲ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। 

ਉਨ੍ਹਾਂ ਇਸ ਸੰਜੀਦਾ ਮਾਮਲੇ ’ਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉੱਥੋਂ ਦੇ ਸਿੱਖ ਆਗੂਆਂ ਤੇ ਗੁਰਦੁਆਰਾ ਕਮੇਟੀਆਂ ਨੂੰ ਦਖ਼ਲ ਦੇਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੈਨੇਡਾ ਅੰਦਰ ਅੰਤਰਰਾਸ਼ਟਰੀ ਵਿਦਿਆਰਥੀ ਅਪਣੇ ਦੇਸ਼ ਅਤੇ ਮਾਪਿਆਂ ਤੋਂ ਹਜ਼ਾਰਾਂ ਮੀਲ ਦੀ ਦੂਰੀ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦੇ ਜੀਵਨ ਸਰੋਕਾਰਾਂ ਨੂੰ ਸਮਝਣਾ ਅਤੇ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਸ ਵਿਚ ਨਿਜੀ ਦਿਲਚਸਪੀ ਨਾਲ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਕੈਨੇਡਾ ਦੀ ਸਰਕਾਰ ਨਾਲ ਗੱਲ ਕਰ ਕੇ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਦੀ ਪਹਿਲਕਦਮੀ ਕਰਨ।

Leave a Reply

Your email address will not be published. Required fields are marked *