ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ 180 ਏਕੜ ਸਰਕਾਰੀ ਜ਼ਮੀਨ ‘ਤੇ ਚੱਲ ਰਹੀ ਸ੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਸੰਬੰਧੀ ਗੰਭੀਰ ਸ਼ਿਕਾਇਤਾਂ ਦਾ ਵਿਸ਼ੇਸ਼ ਆਡਿਟ ਅਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ।
ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਅਕੈਡਮੀ ਵਿੱਚ ਵਿੱਤੀ ਬੇਨਿਯਮੀਆਂ, ਘੋਰ ਕੁਪ੍ਰਬੰਧਨ ਅਤੇ ਬੁਨਿਆਦੀ ਢਾਂਚੇ ਦੇ ਪਤਨ ਦੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ।
ਸਿੱਖਿਆ ਮੰਤਰੀ ਦੇ ਇਹ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.), ਰੂਪਨਗਰ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਬਾਅਦ ਆਏ ਹਨ, ਜਿਸ ਵਿੱਚ ਮਹੱਤਵਪੂਰਨ ਖਾਮੀਆਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਟਰੱਸਟ ਫੰਡਾਂ ਦੇ ਕਥਿਤ ਗਬਨ, ਸੰਸਥਾ ਦੀ ਜਾਇਦਾਦ ਦੀ ਦੁਰਵਰਤੋਂ ਅਤੇ ਅਪਰਾਧਿਕ ਲਾਪਰਵਾਹੀ ਦੀ ਜਾਂਚ ਕਰੇਗੀ ਜਿਸ ਨਾਲ ਬੁਨਿਆਦੀ ਢਾਂਚੇ ਦਾ ਪਤਨ ਹੋਇਆ।
ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਪੁਲਿਸ ਨੂੰ ਅਕੈਡਮੀ ਦੇ ਪ੍ਰਿੰਸੀਪਲ ਦੀ ਕਥਿਤ ਜਾਅਲੀ ਪੀਐਚ.ਡੀ. ਡਿਗਰੀ ਦੀ ਜਾਂਚ ਕਰਨ ਅਤੇ ਛੇੜਛਾੜ ਨੂੰ ਰੋਕਣ ਲਈ ਸਾਰੇ ਸੰਬੰਧਿਤ ਰਿਕਾਰਡ ਸੁਰੱਖਿਅਤ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।
ਸਿੱਖਿਆ ਮੰਤਰੀ ਨੇ ਜਾਂਚ ਨੂੰ ਸਮਾਂਬੱਧ ਪੂਰਾ ਕਰਨ ਦਾ ਹੁਕਮ ਦਿੱਤਾ ਹੈ, ਜਿਸ ਵਿੱਚ 30 ਦਿਨਾਂ ਦੇ ਅੰਦਰ ਵਿਸਤ੍ਰਿਤ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਜੋ ਕਿ ਟਰੱਸਟ ਦੇ ਅਹੁਦੇਦਾਰ ਚੇਅਰਮੈਨ ਹਨ, ਨੂੰ ਢੁਕਵੀਂ ਕਾਰਵਾਈ ਲਈ ਪੇਸ਼ ਕੀਤੇ ਜਾਣਗੇ।
ਸ. ਹਰਜੋਤ ਬੈਂਸ ਨੇ ਸਪੱਸ਼ਟ ਤੌਰ ‘ਤੇ ਕਿਹਾ, “ਸਾਡੇ ਵਿਦਿਅਕ ਅਦਾਰਿਆਂ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਦੀ ਤਹਿ ਤੱਕ ਪਹੁੰਚਾਂਗੇ ਅਤੇ ਜਨਤਕ ਵਿਸ਼ਵਾਸ ਨਾਲ ਧੋਖਾ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਵਾਂਗੇ। ਅਸੀਂ ਜਨਤਕ ਸਿੱਖਿਆ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ ਭਲਾਈ ਅਤੇ ਜਨਤਕ ਸਰੋਤਾਂ ਦੀ ਕੀਮਤ ‘ਤੇ ਨਿੱਜੀ ਜਾਗੀਰਾਂ ਵਜੋਂ ਕੰਮ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ।”
