ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ ਕੌਮੀ ਖੁਰਾਕ ਹਫ਼ਤੇ ਦੇ ਸਬੰਧ ਵਿੱਚ ਜਾਗਰੂਕਤਾ ਪ੍ਰਿੰਟ ਮੈਟੀਰੀਅਲ ਰਲੀਜ਼ ਕੀਤਾ 

ਤੰਦਰੁਸਤ ਸ਼ਰੀਰ ਲਈ ਹਰੇਕ ਉਮਰ ਵਰਗ ਲਈ ਜਰੂਰੀ ਹੈ ਪੌਸ਼ਟਿਕ ਖੁਰਾਕ: ਡਾਕਟਰ ਰਾਜ ਕੁਮਾਰ ਸਿਵਲ ਸਰਜਨ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਜੀ ਦੀ ਉਚੇਚੀ ਨਿਗਰਾਨੀ ਵਿੱਚ, ਡਾਕਟਰ ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਦੀ ਦੇਖਰੇਖ ਵਿੱਚ 1 ਤੋਂ 7 ਸਤੰਬਰ ਤੱਕ @ਬਿਹਤਰ ਜੀਵਨ ਲਈ ਸਹੀ ਖਾਓ@ ਥੀਮ ਤਹਿਤ ਕੌਮੀ ਪੌਸ਼ਣ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਅੱਜ ਡਾਕਟਰ ਰਾਜ ਕੁਮਾਰ ਨੇ ਦਫ਼ਤਰ ਸਿਵਲ ਸਰਜਨ ਵਿਖੇ ਜਾਗਰੂਕਤਾ ਪ੍ਰਿੰਟ ਮੈਟੀਰੀਅਲ ਰਲੀਜ਼ ਕੀਤਾ।  

ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰਾਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਇਸ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਹਰ ਵਿਅਕਤੀ ਨੂੰ  ਰੋਜ਼ਾਨਾ ਲੋੜੀਂਦੀ ਮਾਤਰਾ ਵਿੱਚ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਪਾਣੀ, ਫੈਟ, ਵਿਟਾਮਿਨ, ਖਣਿਜ ਪਦਾਰਥਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ। ਜਿਵੇਂ ਕਿ ਹਰੀਆਂ ਸਬਜ਼ੀਆਂ, ਦੁੱਧ, ਫ਼ਲ, ਉਬਲੀਆਂ ਅਤੇ ਪੁੰਗਰੀਆਂ ਦਾਲਾਂ ਆਦਿ। ਉਹਨਾਂ ਗਰਭਵਤੀ ਮਾਵਾਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦੀ ਖੁਰਾਕ ਦਾ ਧਿਆਨ ਰੱਖ ਕੇ ਸਾਫ਼ ਸੁਥਰਾ ਅਤੇ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਅਤੇ ਗਰਭਾਵਸਥਾ ਦੌਰਾਨ ਮਾਹਿਰ ਡਾਕਟਰ ਤੋਂ ਘੱਟੋ ਘੱਟ 4 ਵਾਰ ਚੈਕਅੱਪ ਕਰਵਾਉਣਾ ਚਾਹੀਦਾ ਹੈ, ਤਾਂ ਕਿ ਬੱਚਾ ਤੰਦਰੂਸਤ ਪੈਦਾ ਹੋਵੇ। ਉਹਨਾਂ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਮੌਸਮੀ ਫ਼ਲ ਅਤੇ ਸਬਜੀਆਂ, ਆਂਡਾ, ਪਨੀਰ ਅਤੇ ਸੋਇਆਬੀਨ ਲੈਣੇ ਚਾਹੀਦੇ ਹਨ। ਗਰਭਵਤੀ ਔਰਤਾਂ ਨੂੰ ਆਪਣੇ ਭੋਜਨ ਵਿੱਚ ਆਇਓਡੀਨ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ। ਬੱਚੇ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਅੰਦਰ ਦੁੱਧ ਪਿਲਾਉਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਇਸ ਤੋਂ ਬਾਅਦ ਉਪਰਲੀ ਖੁਰਾਕ ਸ਼ੁਰੂ ਕਰਦੇ ਹੋਏ 2 ਸਾਲ ਦਾ ਹੋਣ ਤੱਕ, ਬੱਚੇ ਨੂੰ ਮਾਂ ਦਾ ਦੁੱਧ ਪਿਲਾਉਂਦੇ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਤਲੇ ਹੋਏ, ਫਾਸਟ ਫੂਡ, ਜ਼ਿਆਦਾ ਨਮਕ, ਜ਼ਿਆਦਾ ਚੀਨੀ, ਸ਼ਰਾਬ ਅਤੇ ਸਿਗਰਟ ਤੋਂ ਪ੍ਰਹੇਜ਼ ਕੀਤਾ ਜਾਵੇ।


ਅਸੰਤੁਲਿਤ ਭੋਜਨ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਮੋਟਾਪਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਹਮੇਸ਼ਾ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਅਤੇ ਸਰੀਰਕ ਕਸਰਤ ਵੱਲ ਵਿਸ਼ੇਸ ਧਿਆਨ ਦੇਣਾ ਚਾਹੀਦਾ ਹੈ। ਇਸ ਸਮੇਂ ਡਾਕਟਰ ਸੁਨੀਤਾ ਕੰਬੋਜ਼ ਜ਼ਿਲ੍ਹਾ ਐਪੀਡਮੈਲੋਜਿਸਟ, ਵਿਨੋਦ ਖੁਰਾਣਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਦਿਵੇਸ਼ ਕੁਮਾਰ ਬਲਾਕ ਐਕਸਟੈਂਸ਼ਨ ਐਜੂਕੇਟਰ, ਅਤਿੰਦਰ ਸਿੰਘ ਕੰਪਿਊਟਰ ਅਪ੍ਰੇਟਰ ਅਤੇ ਸੁਖਦੇਵ ਸਿੰਘ ਬੀ.ਸੀ.ਸੀ ਕੋਆਰਡੀਨੇਟਰ ਹਾਜ਼ਰ ਹਨ।

Leave a Reply

Your email address will not be published. Required fields are marked *