ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ ਕਰ ਰਹੀ ਹੈ। ਪੰਜਾਬ ਅੰਦਰ ਪਿੰਡਾਂ ਵਿੱਚ 565 ਅਤੇ ਸ਼ਹਿਰੀ ਖੇਤਰਾਂ ਵਿੱਚ 318 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਹਿੰਦ ਮੰਡੀ ਨੇੜੇ ਐਮ.ਸੀ.ਪਾਰਕ ਵਿਖੇ ਬਣ ਰਹੇ ਨਵੇਂ ਆਮ ਆਦਮੀ ਕਲੀਨਿਕ ਦੇ ਚਲ ਰਹੇ ਕਾਰਜ਼ਾਂ ਦਾ ਅਚਨਚੇਤ ਜਾਇਜ਼ਾ ਲੈਂਦਿਆ ਕੀਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਅੰਦਰ 100 ਹੋਰ ਨਵੇਂ ਆਦਮੀ ਕਲੀਨਿਕ ਬਣ ਕੇ ਤਿਆਰ ਹੋ ਚੁੱਕੇ, ਜਿਨ੍ਹਾਂ ਦਾ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 28 ਮਾਰਚ ਨੂੰ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਤੋਂ 107 ਕਿਸਮ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 5 ਕਰੋੜ ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 2.72 ਕਰੋੜ ਤੋਂ ਵੱਧ ਮੁਫ਼ਤ ਟੈਸਟ ਕੀਤੇ ਜਾ ਚੁੱਕੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਕੇ ਸੂਬੇ ਦੇ ਲੋਕਾਂ ਦੀ ਭਲਾਈ ਵਿੱਚ ਵੱਡਾ ਕਦਮ ਚੁੱਕਿਆ ਹੈ, ਜਿਸਦੇ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ। ਇਹ ਸੁਵਿਧਾ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀ ਹੋਵੇਗੀ, ਸਗੋ ਇਸ ਵਿੱਚ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਸਿਹਤ ਬੀਮਾ ਯੋਜਨਾ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ।
