ਮਾਣਯੋਗ ਮਿਸ ਜਸਟਿਸ ਲਪਿਤਾ ਬੈਨਰਜੀ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਅਤੇ ਪ੍ਰਬੰਧਕੀ ਜੱਜ, ਸੈਸ਼ਨ ਡਿਵੀਜ਼ਨ, ਫਾਜ਼ਿਲਕਾ ਜੀ ਵੱਲੋਂ ਅੱਜ ਮਿਤੀ 21.03.2026 ਨੂੰ ਸਬ-ਜੇਲ੍ਹ, ਫਾਜ਼ਿਲਕਾ ਦਾ ਦੌਰਾ ਕਰਕੇ ਵਿਸਥਾਰ ਨਾਲ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜੇਲ੍ਹ ਦੇ ਪ੍ਰਬੰਧਾਂ, ਸੁਰੱਖਿਆ ਇੰਤਜ਼ਾਮਾਂ, ਸਫ਼ਾਈ ਪ੍ਰਬੰਧ ਅਤੇ ਕੈਦੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਮੁੱਢਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।
ਨਿਰੀਖਣ ਦੌਰਾਨ ਮਾਣਯੋਗ ਜਸਟਿਸ ਲਪਿਤਾ ਬੈਨਰਜੀ ਜੀ ਵੱਲੋਂ ਜੇਲ੍ਹ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਕੈਦੀਆਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਵੀ ਜਾਣਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਤਾਂ ਜੋ ਕੈਦੀਆਂ ਨੂੰ ਹੋਰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਤੋਂ ਇਲਾਵਾ, ਮਾਣਯੋਗ ਮਿਸ ਜਸਟਿਸ ਲਪਿਤਾ ਬੈਨਰਜੀ ਜੀ ਵੱਲੋਂ ਸਬ-ਜੇਲ੍ਹ, ਫਾਜ਼ਿਲਕਾ ਵਿੱਚ ਲੀਗਲ ਏਡ ਕਲੀਨਿਕ ਵਿੱਚ ਵੀਡਿਓ ਕਾਨਫਰੈਂਸਿੰਗ ਦੀ ਸੁਵਿਧਾ ਦਾ ਉਦਘਾਟਨ ਵੀ ਕੀਤਾ ਗਿਆ। ਇਸ ਕਲੀਨਿਕ ਰਾਹੀਂ ਕੈਦੀ ਮੁਫ਼ਤ ਕਾਨੂੰਨੀ ਸਹਾਇਤਾ ਦੇ ਨਾਲ ਨਾਲ ਆਪਣੇ ਵਕੀਲਾਂ ਨਾਲ ਕੇਸ ਸਬੰਧੀ ਰਾਬਤਾ ਕਰ ਸਕਣਗੇ ਅਤੇ ਆਪਣੇ ਮਾਮਲਿਆਂ ਬਾਰੇ ਸਹੀ ਜਾਣਕਾਰੀ ਅਤੇ ਕਾਨੂੰਨੀ ਮਦਦ ਪ੍ਰਾਪਤ ਕਰ ਸਕਣਗੇ। ਇਹ ਉਪਰਾਲਾ ਕੈਦੀਆਂ ਨੂੰ ਨਿਆਂ ਪ੍ਰਾਪਤੀ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਘਟਾਉਣ ਵਿੱਚ ਮਹੱਤਵਪੂਰਨ ਸਾਬਤ ਹੋਵੇਗਾ।
ਇਸ ਮੌਕੇ ਮਾਣਯੋਗ ਜਸਟਿਸ ਲਪਿਤਾ ਬੈਨਰਜੀ ਜੀ ਵੱਲੋਂ ਜੇਲ੍ਹ ਦੇ ਰਸੋਈ ਘਰ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਲਈ ਤਿਆਰ ਕੀਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਅਤੇ ਸਫ਼ਾਈ ਦੀ ਜਾਂਚ ਕੀਤੀ ਗਈ। ਉਨ੍ਹਾਂ ਨੇ ਭੋਜਨ ਦੀ ਗੁਣਵੱਤਾ ਨੂੰ ਸੰਤੋਸ਼ਜਨਕ ਬਣਾਏ ਰੱਖਣ ਅਤੇ ਸਫ਼ਾਈ ਦੇ ਉੱਚ ਮਿਆਰਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਚੱਲ ਰਹੀਆਂ ਕਾਨੂੰਨੀ ਸਹਾਇਤਾ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਹਰ ਕੈਦੀ ਨੂੰ ਸਮੇਂ ਸਿਰ ਮੁਫ਼ਤ ਕਾਨੂੰਨੀ ਮਦਦ ਉਪਲਬਧ ਹੋਵੇ। ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ‘ਤੇ ਵੀ ਜ਼ੋਰ ਦਿੱਤਾ।
ਮਾਣਯੋਗ ਜਸਟਿਸ ਲਪਿਤਾ ਬੈਨਰਜੀ ਜੀ ਨੇ ਜੇਲ੍ਹ ਵਿੱਚ ਸਫ਼ਾਈ, ਸਿਹਤ ਸਹੂਲਤਾਂ ਅਤੇ ਰਹਿਣ-ਸਹਿਣ ਦੇ ਮਿਆਰ ਨੂੰ ਹੋਰ ਸੁਧਾਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਕੈਦੀਆਂ ਦੀ ਪੁਨਰਵਾਸੀ ਲਈ ਸਕਿੱਲ ਡਿਵੈਲਪਮੈਂਟ ਅਤੇ ਕੌਂਸਲਿੰਗ ਪ੍ਰੋਗਰਾਮਾਂ ਨੂੰ ਵਧਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।
ਇਸ ਦੌਰੇ ਦੌਰਾਨ ਸ਼੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਸ਼੍ਰੀ ਗੁਰਦਿੱਤ ਸਿੰਘ, ਜੇਲ੍ਹ ਸੁਪਰਡੰਟ, ਜੇਲ੍ਹ ਅਧਿਕਾਰੀ, ਲੀਗਲ ਏਡ ਡਿਫੈਂਸ ਕਾਉਂਸਲਜ਼ ਅਤੇ ਹੋਰ ਸੰਬੰਧਿਤ ਅਧਿਕਾਰੀ ਮੌਜੂਦ ਸਨ। ਅੰਤ ਵਿੱਚ ਸ਼੍ਰੀ ਧਰਮਿੰਦਰ ਪਾਲ ਸਿੰਗਲਾ ਵੱਲੋਂ ਮਾਣਯੋਗ ਮਿਸ ਜਸਟਿਸ ਲਪਿਤਾ ਬੈਨਰਜੀ ਜੀ ਦਾ ਦੌਰੇ ਲਈ ਧੰਨਵਾਦ ਕੀਤਾ ਗਿਆ।
