ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਮਿਤੀ 18 ਜੁਲਾਈ 2026 (ਸ਼ਨੀਵਾਰ) ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸਥਿਤ ਅਦਾਲਤਾਂ ਵਿੱਚ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਪੈਸ਼ਲ ਲੋਕ ਅਦਾਲਤ ਵਿੱਚ ਵਿਸ਼ੇਸ਼ ਤੌਰ ‘ਤੇ ਚੈੱਕ ਬਾਊਂਸ (ਧਾਰਾ 138 ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ) ਨਾਲ ਸਬੰਧਤ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਸ੍ਰੀਮਤੀ ਰੂਚੀ ਸਵਾਪਨ ਸ਼ਰਮਾ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਪੱਖਕਾਰਾਂ ਨੂੰ ਸਸਤਾ, ਸਰਲ, ਤੇਜ਼ ਅਤੇ ਆਪਸੀ ਸਹਿਮਤੀ ਦੇ ਆਧਾਰ ‘ਤੇ ਨਿਆਂ ਪ੍ਰਦਾਨ ਕਰਨਾ ਹੈ। ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਨਾ ਸਿਰਫ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ, ਸਗੋਂ ਪੱਖਕਾਰਾਂ ਵਿਚਕਾਰ ਆਪਸੀ ਸਦਭਾਵਨਾ ਵੀ ਬਣੀ ਰਹਿੰਦੀ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਚੈੱਕ ਬਾਊਂਸ ਨਾਲ ਸਬੰਧਤ ਕੇਸ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਹਨ ਜਾਂ ਜਿਨ੍ਹਾਂ ਦਾ ਬੈਂਕਾਂ ਜਾਂ ਵਿੱਤੀ ਸੰਸਥਾਵਾਂ ਨਾਲ ਚੈੱਕਾਂ ਦੇ ਲੈਣ-ਦੇਣ ਸਬੰਧੀ ਕੋਈ ਵਿਵਾਦ ਹੈ, ਉਹ ਆਪਣੇ ਕੇਸਾਂ ਨੂੰ ਇਸ ਸਪੈਸ਼ਲ ਲੋਕ ਅਦਾਲਤ ਵਿੱਚ ਰੱਖ ਕੇ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾ ਸਕਦੇ ਹਨ। ਇਸ ਲਈ ਸਬੰਧਤ ਪੱਖਕਾਰ ਆਪਣੇ ਵਕੀਲ, ਸਬੰਧਤ ਅਦਾਲਤ ਜਾਂ ਬੈਂਕ ਨਾਲ ਸੰਪਰਕ ਕਰਕੇ ਪਹਿਲਾਂ ਹੀ ਦਰਖਾਸਤ ਦੇ ਸਕਦੇ ਹਨ ਤਾਂ ਜੋ ਕੇਸ ਨੂੰ ਲੋਕ ਅਦਾਲਤ ਲਈ ਸੂਚੀਬੱਧ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿੱਚ ਹੋਏ ਸਮਝੌਤੇ ਦੇ ਆਧਾਰ ‘ਤੇ ਪਾਸ ਕੀਤਾ ਗਿਆ ਫੈਸਲਾ ਅਦਾਲਤ ਦੇ ਡਿਕਰੀ ਜਾਂ ਹੁਕਮ ਦੇ ਬਰਾਬਰ ਹੁੰਦਾ ਹੈ, ਜੋ ਅੰਤਿਮ ਅਤੇ ਦੋਵੇਂ ਧਿਰਾਂ ਲਈ ਬੰਨ੍ਹਣਯੋਗ ਹੁੰਦਾ ਹੈ। ਇਸ ਦੇ ਵਿਰੁੱਧ ਕੋਈ ਅਪੀਲ ਵੀ ਨਹੀਂ ਹੁੰਦੀ, ਜਿਸ ਨਾਲ ਵਿਵਾਦ ਦਾ ਸਥਾਈ ਅਤੇ ਸੰਤੋਸ਼ਜਨਕ ਹੱਲ ਸੰਭਵ ਹੋ ਜਾਂਦਾ ਹੈ।
ਸੀ.ਜੇ.ਐੱਮ.-ਕਮ-ਸਕੱਤਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਚੈੱਕ ਬਾਊਂਸ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾ ਕੇ ਸਮੇਂ, ਧਨ ਅਤੇ ਬੇਲੋੜੀ ਕਾਨੂੰਨੀ ਪ੍ਰਕਿਰਿਆ ਤੋਂ ਬਚਣ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਸਬੰਧੀ ਕਿਸੇ ਵੀ ਪ੍ਰਕਾਰ ਦੀ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰੀ ਨੰਬਰ 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।