ਸਕੱਤਰ ਪ੍ਰਸੋਨਲ,ਵਿਜੀਲੈਂਸ-ਕਮ-ਪ੍ਰਭਾਰੀ ਸਕੱਤਰ ਫ਼ਤਹਿਗੜ ਸਾਹਿਬ ਸ੍ਰੀਮਤੀ ਨੀਲਿਮਾ ਨੇ ਅੱਜ ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਦਾ ਦੌਰਾ ਕਰਕੇ ਸਕੂਲ ਵਿੱਚ ਚੱਲ ਰਹੀਆਂ ਵਿਦਿਅਕ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਸ੍ਰੀਮਤੀ ਨੀਲਿਮਾ ਨੇ ਸਕੂਲ ਦੇ ਵੱਖ-ਵੱਖ ਗਤਿਵਿਧਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਨੇ ਮਿਡ-ਡੇ ਮੀਲ , ਕੈਰੀਅਰ ਗਾਈਡੈਂਸ ਸੈੱਲ, ਲਾਇਬ੍ਰੇਰੀ, ਵਿਗਿਆਨ ਅਤੇ ਕੰਪਿਊਟਰ ਲੈਬਾਂ, ਸਕੂਲ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਨਾਲ ਸਬੰਧਤ ਰਜਿਸਟਰਾਂ, ਬੁਨਿਆਦੀ ਢਾਂਚੇ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਪਲਬੱਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ।

ਸ੍ਰੀਮਤੀ ਨੀਲਿਮਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ) ਨੂੰ ਹਦਾਇਤ ਕੀਤੀ ਕਿ ਪੀਐਮ ਸ਼੍ਰੀ ਸਕੂਲਾਂ ਵਿੱਚ ਜਿੱਥੇ ਵੀ ਕਿਸੇ ਤਰ੍ਹਾਂ ਦੀ ਲੋੜ ਜਾਂ ਘਾਟ ਹੈ, ਉਸ ਸਬੰਧੀ ਵਿਸਥਾਰਪੂਰਵਕ ਪ੍ਰਸਤਾਵ ਤੁਰੰਤ ਤਿਆਰ ਕਰਕੇ ਮੁੱਖ ਦਫ਼ਤਰ ਨੂੰ ਭੇਜੇ ਜਾਣ, ਤਾਂ ਜੋ ਲੋੜੀਂਦੀਆਂ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਈਆਂ ਜਾ ਸਕਣ ਅਤੇ ਵਿਦਿਆਰਥੀਆਂ ਨੂੰ ਹੋਰ ਬਿਹਤਰ ਸਿੱਖਿਆਕ ਮਾਹੌਲ ਪ੍ਰਦਾਨ ਕੀਤਾ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਅਧਿਕਾਰੀ ਇਨ੍ਹਾਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ।