ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ‘ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ’ ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਲਈ 21 ਨਵੰਬਰ ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ -ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਨਿਰਭਓ ਸਿੰਘ ਗਿੱਲ ਨੇ ਦਿੱਤੀ।
ਸ੍ਰੀ ਗਿੱਲ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਜਲਦੀ ਨਿਆਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਚੈੱਕ ਬਾਊਂਸ ਹੋਣ ਨਾਲ ਸਬੰਧਤ ਕਿਸੇ ਵਿਵਾਦ ਵਿੱਚ ਸ਼ਾਮਲ ਹੈ, ਤਾਂ ਉਹ ਇਸ ਲੋਕ ਅਦਾਲਤ ਵਿੱਚ ਆਪਣਾ ਕੇਸ ਰੱਖ ਸਕਦਾ ਹੈ। ਲੋਕ ਅਦਾਲਤ ਦੁਆਰਾ ਦਿੱਤੇ ਗਏ ਫੈਸਲੇ ਵਿਰੁੱਧ ਅਪੀਲ ਕਰਨ ਜਾਂ ਹੋਰ ਬਹਿਸ ਕਰਨ ਦੀ ਕੋਈ ਵਿਵਸਥਾ ਨਹੀਂ ਹੈ; ਇਸਦਾ ਫੈਸਲਾ ਅੰਤਿਮ ਅਤੇ ਸਾਰਿਆਂ 'ਤੇ ਲਾਗੂ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ 12 ਦਸੰਬਰ 2026 ਨੂੰ ਨੈਸ਼ਨਲ ਲੋਕ ਅਦਾਲਤ’ ਵੀ ਲਗਾਈ ਜਾਵੇਗੀ, ਜਿਸ ਵਿੱਚ ਹਰ ਤਰ੍ਹਾਂ ਦੇ ਦੀਵਾਨੀ (ਸਿਵਲ) ਮਾਮਲੇ ਅਤੇ ਉਹ ਕੇਸ ਸ਼ਾਮਲ ਹੋਣਗੇ ਜਿਨ੍ਹਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।