ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲ ਚੂਹੜੀ ਵਾਲਾ ਚਿਸਤੀ ਵਿਖੇ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਸਕੂਲੀ ਬੱਚਿਆਂ ਨੂੰ ਮੱਛਰ ਦੇ ਲਾਰਵੇ ਦੀ ਪਹਿਚਾਣ ਅਤੇ ਮੱਛਰ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਿਹਤ ਕਰਮਚਾਰੀ ਰਵਿੰਦਰ ਸ਼ਰਮਾ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਖੂਨ ਦੀ ਜਾਂਚ ਜ਼ਰੂਰ ਕਰਵਾਈ ਜਾਵੇ। ਡੇਂਗੂ ਦੀ ਜਾਂਚ ਲਈ ਸਰਕਾਰੀ ਹਸਪਤਾਲ ਫਾਜ਼ਿਲਕਾ ਦੇ ਕਮਰਾ ਨੰਬਰ 54 ਵਿੱਚ ਜਾ ਕੇ ਸੈਂਪਲ ਦਿੱਤਾ ਜਾ ਸਕਦਾ ਹੈ। ਇਹ ਟੈਸਟ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਪਾਣੀ ਦੇ ਸਰੋਤਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਸੁਕਾਇਆ ਜਾਵੇ। ਕੂਲਰ, ਗਮਲੇ ਅਤੇ ਪਾਣੀ ਵਾਲੇ ਬਰਤਨਾਂ ਨੂੰ ਵੀ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਕੇ ਚੰਗੀ ਤਰ੍ਹਾਂ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਵੇ। ਰਾਤ ਸਮੇਂ ਸੌਣ ਵੇਲੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਮਾਰ ਕਰੀਮ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ ਗਈ।
ਇਸ ਮੌਕੇ ਸਕੂਲ ਦੇ ਅਧਿਆਪਕ ਜਸਵੰਤ ਕੁਮਾਰ, ਵਿਜੈਪਾਲ, ਵਿਕਾਸ ਕੁਮਾਰ ਤੋਂ ਇਲਾਵਾ ਸਿਹਤ ਕਰਮਚਾਰੀ ਰਣਜੀਤ ਸਿੰਘ ਹਾਜ਼ਰ ਸਨ।