ਬਿਆਨਬਾਜ਼ੀਆਂ ਤੇ ਅਨੁਸ਼ਾਸਨ ਨੂੰ ਲੈ ਕੇ ਲੀਡਰਾਂ ਨੂੰ ਹਦਾਇਤਾਂ ਜਾਰੀ

ਕਾਂਗਰਸ ਹਾਈਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਦਿੱਲੀ ਵਿਖੇ ਅਹਿਮ ਮੀਟਿੰਗ ਕੀਤੀ। ਇਹ ਮੀਟਿੰਗ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ‘ਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਚਰਨਜੀਤ ਚੰਨੀ ਤੇ ਪ੍ਰਤਾਪ ਸਿੰਘ ਬਾਜਵਾ ਸਣੇ ਹੋਰ ਵੀ ਕਈ ਸੀਨੀਅਰ ਨੇਤਾ ਮੌਜੂਦ ਰਹੇ।
ਮੀਟਿੰਗ ਤੋਂ ਬਾਅਦ, ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇਐਸ ਵੇਣੂਗੋਪਾਲ ਨੇ ਕਿਹਾ, “ਰਾਹੁਲ ਗਾਂਧੀ ਨੇ ਹਰੇਕ ਨੇਤਾ ਦੇ ਵਿਚਾਰ ਸੁਣੇ। ਆਗੂਆਂ ਨੇ ਪੰਜਾਬ ਕਾਂਗਰਸ ਦੇ ਭਵਿੱਖ ਬਾਰੇ ਆਪਣੇ ਦ੍ਰਿਸ਼ਟੀਕੋਣ ਸਾਂਝੇ ਕੀਤੇ। ਇਹ ਇੱਕ ਬਹੁਤ ਹੀ ਫਲਦਾਇਕ ਚਰਚਾ ਸੀ। ਸਾਰੇ ਆਗੂਆਂ ਨੂੰ ਜਨਤਕ ਬਿਆਨਬਾਜ਼ੀ ਤੋਂ ਬਚਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਪਾਰਟੀ ਫੋਰਮਾਂ ਵਿੱਚ ਹਰ ਚੀਜ਼ ‘ਤੇ ਚਰਚਾ ਕਰਨ ਦੇ ਨਿਰਦੇਸ਼ ਦਿੱਤੇ ਗਏ।”

ਉਨ੍ਹਾਂ ਨੂੰ ਕਿਹਾ ਕਿ ਪਾਰਟੀ ਦੇ ਅੰਦਰੂਨੀ ਮਾਮਲਿਆਂ ਬਾਰੇ ਮੀਡੀਆ ਵਿੱਚ ਬਿਆਨਬਾਜ਼ੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਪਾਰਟੀ ਹਾਈਕਮਾਨ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰੇਗੀ। ਸਾਰੇ ਆਗੂਆਂ ਨੇ ਇਸ ਮਾਮਲੇ ‘ਤੇ ਰਾਹੁਲ ਗਾਂਧੀ ਨਾਲ ਸਹਿਮਤੀ ਜਤਾਈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਇਹ ਮੀਟਿੰਗ ਕਰੀਬ ਤਿੰਨ ਘੰਟੇ ਚੱਲੀ। ਆਉਣ ਵਾਲੇ ਸਾਲ ਲਈ ਸਾਡੇ ਰੋਡਮੈਪ ਸੰਬੰਧੀ ਸੁਝਾਅ ਦਿੱਤੇ ਗਏ। ਸਾਡੇ ਨੇਤਾ ਨੇ ਮਨਰੇਗਾ ‘ਤੇ ਪ੍ਰੋਗਰਾਮ ਆਯੋਜਿਤ ਕਰਨ ਦਾ ਵੀ ਸੁਝਾਅ ਦਿੱਤਾ। ਇਸ ਤੋਂ ਇਲਾਵਾ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੀਟਿੰਗ ‘ਚ ਕਈ ਮੁੱਦਿਆਂ ‘ਤੇ ਚਰਚਾ ਹੋਈ। ਅਸੀਂ ਇਕੱਠੇ ਮਿਲ ਕੇ ਚੋਣਾਂ ਲੜਾਂਗੇ ਅਤੇ ਜਿੱਤਾਂਗੇ।

Leave a Reply

Your email address will not be published. Required fields are marked *