ਡਿਪਟੀ ਕਮਿਸਨਰ ਡਾ.ਸੋਨਾ ਥਿੰਦ ਨੇ ਜ਼ਿਲ੍ਹੇ ਅੰਦਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਤੇ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਪਿੰਡ ਪੱਧਰ ਤੇ ਨੋਡਲ ਅਫ਼ਸਰ ਅਤੇ ਕਲੱਸਟਰ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਕਿ ਆਪਣੇ—ਆਪਣੇ ਖੇਤਰ ਵਿੱਚ ਨੇੜਿਓ ਨਿਗਰਾਨੀ ਰੱਖੀ ਜਾ ਸਕੇ ਅਤੇ ਕਣਕ ਦਾ ਨਾੜ ਸਾੜਨ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਸਮੇ ਸਿਰ ਭੇਜੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਪਿੰਡਾਂ ਵਿੱਚ ਪੈਟਰੋਲਿੰਗ ਕਰਕੇ ਨਿਗਰਾਨੀ ਰੱਖਣ ਲਈ ਕਿਹਾ ਅਤੇ ਹਦਾਇਤ ਕੀਤੀ ਕਿ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਅਤੇ ਸੂਬਾ ਸਰਕਾਰ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਉਹਨਾ ਵੱਲੋ ਪ੍ਰਦੂਸ਼ਣ ਕੰਟਰੋਲ ਬੋਰਡ,ਪੁਲਿਸ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਮਾਲ ਵਿਭਾਗ, ਪੰਚਾਇਤ ਵਿਭਾਗ, ਪਸ਼ੂ ਪਾਲਣ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਹੋਰ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਤੂੜੀ ਬਣਾਊਣ ਉਪਰੰਤ ਬਚੀ ਰਹਿੰਦ—ਖੂੰਹਦ ਨੂੰ ਖੇਤਾ ਵਿੱਚ ਹੀ ਵਾਹਿਆ ਜਾਵੇ ਅਤੇ ਮਿੱਟੀ ਦੀ ਗੁਣਵੱਤਾ ਵਿੱਚ ਵਾਧਾ ਕਰਕੇ ਬੇਲੋੜੀਆ ਖਾਦਾਂ ਦੇ ਖਰਚੇ ਤੋ ਬਚਿਆ ਜਾਵੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ ਜਗਦੇਵ ਸਿੰਘ ਨੇ ਦੱਸਿਆ ਕਿ ਜਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਇਸ ਸਾਲ ਤਕਰੀਬਨ 85107 ਹੈਕਟੇਅਰ ਰਕਬਾ ਕਣਕ ਦੀ ਫ਼ਸਲ ਹੇਠ ਹੈ ਅਤੇ ਖੇਤੀਬਾੜੀ ਵਿਭਾਗ ਵੱਲੋ ਆਈ.ਈ.ਸੀ. ਕੰਪੋਨੈਟ ਤਹਿਤ ਪੂਰੇ ਜਿਲ੍ਹੇ ਵਿੱਚ ਕਿਸਾਨਾ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰੀ ਤੇ ਬਲਾਕ ਪੱਧਰੀ ਕੈਂਪ, ਨੁੱਕੜ ਨਾਟਕ ਅਤੇ ਪ੍ਰਚਾਰ ਵੈਨ ਚਲਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਕਣਕ ਦੇ ਨਾੜ ਨੂੰ ਸਾੜਨ ਦੀ ਥਾਂ ਖੇਤਾਂ ਵਿੱਚ ਹੀ ਮਿਲਾਉਣ ਨਾਲ ਜਿਥੇ ਮਿੱਟੀ ਦੀ ਗੁਣਵੱਤਾ ਵਿੱਚ ਵਾਧਾ ਹੁੰਦਾ ਹੈ ਓਥੇ ਹੀ ਹਵਾ ਵੀ ਸਾਫ਼ ਰਹਿੰਦੀ ਹੈ। ਉਹਨਾਂ ਵੱਲੋ ਜਿਲ੍ਹੇ ਵਿੱਚ ਮੌਜੂਦ ਮਸ਼ੀਨਰੀ ਰਾਹੀਂ ਘੱਟ ਖਰਚ ਨਾਲ ਕਣਕ ਦੇ ਨਾੜ ਨੂੰ ਮਿੱਟੀ ਵਿੱਚ ਮਿਲਾਉਣ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਐਸ.ਡੀ.ਐਮ ਫਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ ਡੀ ਐਮ ਅਮਲੋਹ ਚਰਨਜੋਤ ਸਿੰਘ ਵਾਲੀਆਂ, ਐਸ ਡੀ ਐਮ ਬਸੀ ਪਠਾਣਾ ਸ੍ਰੀਮਤੀ ਹਰਵੀਰ ਕੌਰ, ਐਸ ਪੀ ਹਰਵੰਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ
