ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਫਰਜ਼

ਜਿਲਾ ਲੋਕ ਸੰਪਰਕ ਦਫਤਰ ਫਤਿਹਗੜ੍ਹ ਸਾਹਿਬ

*ਸਵੱਛਤਾ ਹੀ ਸੇਵਾ ਮੁਹਿੰਮ ਦੇ ਅੰਤਿਮ ਦਿਨ ਸਫਾਈ ਸੇਵਕਾਂ ਦਾ ਕੀਤਾ ਗਿਆ ਸਨਮਾਨ

*ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਬੱਚਤ ਭਵਨ ਵਿਖੇ ਕਰਵਾਇਆ ਗਿਆ ਸਮਾਗਮ

ਫਤਿਹਗੜ੍ਹ ਸਾਹਿਬ 02 ਅਕਤੂਬਰ:

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਸਰਹਿੰਦ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਹਿਯੋਗ ਨਾਲ ਬੱਚਤ ਭਵਨ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਦੇ ਅੰਤਿਮ ਦਿਨ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਵਿੱਚ ਨਗਰ ਕੌਂਸਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਕੰਮ ਕਰ ਰਹੇ ਸਫਾਈ ਸੇਵਕਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਸਫਾਈ ਸੇਵਕਾਂ ਨੂੰ ਸਵੱਛਤਾ ਸਰਟੀਫਿਕੇਟ ਦਿੱਤੇ ਗਏ ਅਤੇ ਸਾਫ ਸਫਾਈ ਰੱਖਣ ਦਾ ਪ੍ਰਣ ਵੀ ਦਵਾਇਆ ਗਿਆ। ਇਸ ਸਮਾਗਮ ਵਿੱਚ ਸਫਾਈ ਸੇਵਕਾਂ ਨੂੰ ਪੀ.ਪੀ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਸੁਰੱਖਿਆ ਯੰਤਰਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ।

ਇਸ ਸਮਾਗਮ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਈਸ਼ਾਨ ਕੌਸ਼ਲ ਨੇ ਕਿਹਾ ਕਿ ਸਵੱਛਤਾ ਸਾਡੇ ਸਾਰਿਆਂ ਲਈ ਬਹੁਤ ਜਰੂਰੀ ਹੈ ਅਤੇ ਸਮਾਜ ਨੂੰ ਸਾਫ ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਹਨਾਂ ਕਿਹਾ ਕਿ ਸਾਫ ਸਫਾਈ ਰੱਖਣ ਵਿੱਚ ਸਫਾਈ ਸੇਵਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ ਅਤੇ ਉਹ ਸ਼ਹਿਰਾਂ ਤੇ ਪਿੰਡਾਂ ਨੂੰ ਸਾਫ ਸੁਥਰਾ ਰੱਖਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਇਸ ਲਈ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਸਫਾਈ ਸੇਵਕਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਉਨਾਂ ਦਾ ਸਹਿਯੋਗ ਕਰੀਏ। ਉਹਨਾਂ ਕਿਹਾ ਕਿ ਸਾਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਇਹਨਾਂ ਲਿਫਾਫਿਆਂ ਕਾਰਨ ਅਕਸਰ ਗਲੀ ਨਾਲੀਆਂ ਵਿੱਚ ਪਾਣੀ ਖੜਾ ਹੋ ਜਾਂਦਾ ਹੈ ਜਿਸ ਨਾਲ ਕਈ ਤਰਹਾਂ ਦੀਆਂ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ।

ਇਸ ਮੌਕੇ ਸੈਨੀਟੇਸ਼ਨ ਇੰਸਪੈਕਟਰ ਮਨੋਜ ਕੁਮਾਰ, ਹੰਸ ਰਾਜ, ਸੀਐਫ ਹਰਪ੍ਰੀਤ ਕੌਰ ਗੋਲਡੀ, ਜਲ ਸਪਲਾਈ ਵਿਭਾਗ ਨੇ ਸੁਖਦੀਪ ਸਿੰਘ, ਕੇਵਲ ਕ੍ਰਿਸ਼ਨ ਸ਼ਰਮਾ, ਨਿਰਮਲ ਕੁਮਾਰ, ਹਰਮਨਜੀਤ ਕੌਰ, ਅਮਿਤ ਕੁਮਾਰ ਸ਼ਰਮਾ, ਅਮਨ, ਸਨੀ, ਮਨੀਸ਼ ਕੁਮਾਰ ਅਤੇ ਰਾਜ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਹਾਜਰ ਸਨ।

Leave a Reply

Your email address will not be published. Required fields are marked *