
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ-ਅਰਵਿੰਦ ਗੁਪਤਾ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਧੌਛੀ ਕਲਾਂ ਤੇ ਚਨਾਰਥਲ ਕਲਾਂ `ਚ
ਕਰਵਾਏ ਜਾਗਰੂਕਤਾ ਸਮਾਗਮ
*ਨੌਜਵਾਨ ਪੀੜ੍ਹੀ ਨੂੰ ਨੁਕੜ ਨਾਟਕ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ
ਫਤਹਿਗੜ੍ਹ ਸਾਹਿਬ, 20 ਮਾਰਚ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦਾ ਇੱਕ ਇਤਿਹਸਕ ਫੈਸਲਾ ਹੈ ਜੋ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਣ ਵਿੱਚ ਸਹਾਈ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਗੁਪਤਾ ਨੇ ਪਿੰਡ ਬਧੌਛੀ ਕਲਾਂ ਤੇ ਚਨਾਰਥਲ ਕਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਤੇ ਛੋਟੇ ਬੱਚਿਆਂ ਵਿੱਚ ਨਸ਼ਿਆਂ ਦਾ ਵੱਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ ਹੈ ਅਤੇ ਸਾਨੂੰ ਸਾਰਿਆਂ ਨੂੰ ਨੌਜਵਾਨ ਪੀੜ੍ਹੀ ਨੂੰ ਬਚਾਉਣ ਵਾਸਤੇ ਮਿਲ ਕੇ ਹੰਭਲੇ ਮਾਰਨੇ ਪੈਣਗੇ।

ਐਸ.ਡੀ.ਐਮ. ਅਰਵਿੰਦ ਗੁਪਤਾ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੈ ਕੇ ਆਉਣ ਤਾਂ ਜੋ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਇੱਕ ਅਜਿਹੀ ਲਾਹਣਤ ਹਨ ਜੋ ਕਿ ਨਸ਼ਿਆਂ ਦਾ ਸੇਵਨ ਕਰਨ ਵਾਲੇ ਵਿਅਕਤੀ ਨੂੰ ਸਮਾਜਿਕ ਤੇ ਆਰਥਿਕ ਤੌਰ ਤੇ ਖਤਮ ਕਰ ਦਿੰਦੇ ਹਨ ਉਥੇ ਹੀ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਪਰਿਵਾਰ ਵੀ ਇਸ ਤੋਂ ਨਹੀਂ ਬਚ ਸਕਦੇ। ਉਨ੍ਹਾਂ ਕਿਹਾ ਕਿ ਸਾਨੂੰ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਵਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ।

ਸ਼੍ਰੀ ਗੁਪਤਾ ਨੇ ਨੁਕੜ ਨਾਟਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਬਾਰੇ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਉਨ੍ਹਾਂ ਨਾਟਕ ਦੇ ਕਲਾਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲਾਕਾਰਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਰਾਹੀਂ ਲੋਕਾਂ ਦੇ ਦਿਲਾਂ ਨੂੰ ਟੁੰਬਿਆ ਹੈ।

ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸਰਹਿੰਦ ਦੀਪਸ਼ਿਖਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।