ਪਿੰਡ ਡੱਬਵਾਲਾ ਕਲਾਂ ਵਿਖੇ ‘ਜਲਾਲਾਬਾਦ ਫੁੱਟਬਾਲ ਕੱਪ (JFC – 2026)’ ਧੂਮਧਾਮ ਨਾਲ ਸੰਪੰਨ

ਜਿਲ੍ਹਾ ਫਾਜ਼ਿਲਕਾ ਦੇ ਪਿੰਡ ਡੱਬਵਾਲਾ ਕਲਾਂ ਦੇ ਖੇਡ ਸਟੇਡੀਅਮ ਵਿੱਚ ਹਲਕਾ ਵਿਧਾਇਕ ਜਲਾਲਾਬਦ ਸ੍ਰੀ ਜਗਦੀਪ ਕੰਬੋਜ ‘ਗੋਲਡੀ’ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ ਤਿੰਨ-ਰੋਜ਼ਾ “ਜਲਾਲਾਬਾਦ ਫੁੱਟਬਾਲ ਕੱਪ (JFC – 2026)” ਅੱਜ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ। ਮਿਤੀ 2, 3 ਅਤੇ 4 ਨਵੰਬਰ ਨੂੰ ਕਰਵਾਏ ਗਏ ਇਸ ਖੇਡ ਮਹਾਕੁੰਭ ਵਿੱਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਟੂਰਨਾਮੈਂਟ ਦੇ ਅਖੀਰਲੇ ਦਿਨ ਡਿਪਟੀ ਕਮਿਸ਼ਨਰ ਫਾਜਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਫਾਜਿਲਕਾ ਸ੍ਰੀ ਗਗਨਅਜੀਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਉਪਕਾਰ ਸਿੰਘ ਜਾਖੜ ਅਤੇ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਚੇਅਰਮੈਨ ਸ਼੍ਰੀ ਗਗਨ ਕੋਕਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਖਿਡਾਰੀਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ, “ਸਾਡਾ ਮੁੱਖ ਮਕਸਦ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ। ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਦੇ ਮੈਦਾਨ ਵਿੱਚ ਸਹੀ ਦਿਸ਼ਾ ਦੇ ਕੇ ਹੀ ਅਸੀਂ ਆਪਣੀ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾ ਸਕਦੇ ਹਾਂ। ਖੇਡ ਜਗਤ ਨਾਲ ਜੁੜੇ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲਿਆਂ ਰਾਹੀਂ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਹਰ ਪਿੰਡ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਨੂੰ ਬਹਿਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ।

 ਮੁੱਖ ਮਹਿਮਾਨਾਂ ਨੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਟੂਰਨਾਮੈਂਟ ਦੇ ਅੰਤ ਵਿੱਚ ਜੇਤੂ ਅਤੇ ਉੱਪ-ਜੇਤੂ ਟੀਮਾਂ ਨੂੰ ਵਿਸ਼ੇਸ਼ ਟਰਾਫ਼ੀਆਂ ਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਹਾਜ਼ਰੀਨ ਨੇ ਖਿਡਾਰੀਆਂ ਦੇ ਖੇਡ ਜਜ਼ਬੇ ਨੂੰ ਸਲਾਹਿਆ।

Leave a Reply

Your email address will not be published. Required fields are marked *