ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਲਈ ਨਿਯੁਕਤ ਨੋਡਲ ਅਫਸਰ ਸੰਯੁਕਤ ਮੁੱਖ ਚੋਣ ਅਫਸਰ ਹਰਿਆਣਾ ਸ੍ਰੀ ਰਾਜ ਕੁਮਾਰ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਇਸਮਤ ਵਿਜੈ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਸ੍ਰੀ ਰਾਜ ਕੁਮਾਰ ਨੇ ਕਿਹਾ ਕਿ ਫਸਟ ਲੈਵਲ ਚੈਕਿੰਗ ਦਾ ਮੁੱਖ ਉਦੇਸ਼ ਆਗਾਮੀ ਵਿਧਾਨ ਸਭਾ ਚੋਣਾਂ-2027 ਦੌਰਾਨ ਚੋਣ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣਾ ਅਤੇ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਈ.ਵੀ.ਐਮ. ਅਤੇ ਵੀ.ਵੀ.ਪੈਟ ਵੇਅਰਹਾਊਸ ਵਿਖੇ ਰੋਜ਼ਾਨਾ ਆਪਣੀ ਮੌਜੂਦਗੀ ਯਕੀਨੀ ਬਣਾਉਣ, ਤਾਂ ਜੋ ਐਫ.ਐਲ.ਸੀ. ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹ ਸਕੇ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਪੂਰੀ ਪਾਰਦਰਸ਼ਤਾ, ਸੁਰੱਖਿਆ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਕੀਤਾ ਜਾ ਰਿਹਾ ਹੈ। ਇਸ ਪ੍ਰਕਿਰਿਆ ਦੌਰਾਨ ਮਸ਼ੀਨਾਂ ਦੀ ਕਾਰਜਸ਼ੀਲਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਤਕਨੀਕੀ ਸਮੱਸਿਆ ਤੋਂ ਬਚਿਆ ਜਾ ਸਕੇ।
ਇਸ ਮੌਕੇ ਐਸ.ਡੀ.ਖਮਾਣੋਂ ਕਮ ਈ.ਵੀ.ਐਮ.ਨੋਡਲ ਅਫਸਰ ਅਭਿਮਨਿਊ ਮਲਿਕ, ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ,ਕਾਰਜਾਕਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ ਕਰਨ ਮਿੱਤਲ ਸਮੇਤ ਹੋਰ ਅਧਿਕਾਰੀ ਹਾਜਰ ਸਨ।