ਕ੍ਰਿਸ਼ੀ ਵਿਗਿਆਨ ਕੇਂਦਰ, ਫਾਜ਼ਿਲਕਾ ਵੱਲੋਂ “ਖੇਤ ਬਚਾਓ ਮੁਹਿੰਮ” ਤਹਿਤ ਪਿੰਡ ਸਰਦਾਰਪੁਰਾ ਅਤੇ ਦੋਤਰਾਂਵਾਲੀ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲ ਦੀ ਮਹੱਤਤਾ ਅਤੇ ਟਿਕਾਊ ਖੇਤੀ ਅਭਿਆਸਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਪ੍ਰਿਥਵੀ ਰਾਜ ਅਤੇ ਡਾ: ਰੁਪਿੰਦਰ ਕੌਰ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ, ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਅਤੇ ਹਰੀ ਖਾਦ ਅਪਨਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿਗਿਆਨਕ ਸਿਫ਼ਾਰਸ਼ਾਂ ਅਨੁਸਾਰ ਖੇਤੀ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ ਅਤੇ ਉਤਪਾਦਨ ਲਾਗਤ ਵੀ ਘੱਟ ਜਾਂਦੀ ਹੈ।
ਵਿਗਿਆਨੀਆਂ ਨੇ ਕਿਸਾਨਾਂ ਨੂੰ ਜ਼ਮੀਨ ਵਿੱਚ ਜੈਵਿਕ ਮਾਦਾ ਵਧਾਉਣ ਅਤੇ ਵਰਮੀ ਕੰਪੋਸਟ, ਗੋਬਰ ਦੀ ਖਾਦ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਅਪਣਾ ਕੇ ਖੇਤਾਂ ਦੀ ਸਿਹਤ ਵਿੱਚ ਸੁਧਾਰ ਕਰਨ ਦਾ ਸੁਨੇਹਾ ਦਿੱਤਾ। ਇਸ ਪ੍ਰੋਗਰਾਮ ਵਿੱਚ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਤ ਬਚਾਓ ਅਭਿਆਨ ਨੂੰ ਸਫਲ ਬਣਾਉਣ ਦਾ ਪ੍ਰਣ ਲਿਆ।