ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ “ਨੌਜਵਾਨਾਂ ਦੀ ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਅਭਿਆਨ” ਦੀ ਕੀਤੀ ਗਈ ਸ਼ੁਰੂਆਤ- ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ਼੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਹੇਠ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਦੇਖ-ਰੇਖ ਹੇਠ ਜ਼ਿਲ੍ਹਾ ਫਾਜ਼ਿਲਕਾ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ, ਉਹਨਾਂ ਦਾ ਮੁਫ਼ਤ ਇਲਾਜ ਕਰਵਾਉਣ ਅਤੇ ਸਮਾਜ ਵਿੱਚ ਮੁੜ-ਵਸੇਬਾ ਯਕੀਨੀ ਬਣਾਉਣ ਲਈ “Comprehensive Youth Recovery and Rehabilitation Campaign” (ਵਿਆਪਕ ਯੁਵਾ ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਅਭਿਆਨ) ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਨੇ ਦੱਸਿਆ ਕਿ ਇਹ ਵਿਸ਼ੇਸ਼ ਅਭਿਆਨ ਜ਼ਿਲ੍ਹੇ ਭਰ ਵਿੱਚ ਚਲਾਈ ਜਾ ਰਹੀ ਹੈ, ਜਿਸਦਾ ਮੁੱਖ ਉਦੇਸ਼ ਨਸ਼ੇ ਤੋਂ ਪੀੜਤ ਨੌਜਵਾਨਾਂ ਦੀ ਪਛਾਣ ਕਰਕੇ ਉਹਨਾਂ ਦੀ ਕੌਂਸਲਿੰਗ ਕਰਨਾ, ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣਾ ਅਤੇ ਇਲਾਜ ਤੋਂ ਬਾਅਦ ਹੁਨਰ ਸਿਖਲਾਈ ਤੇ ਖੇਡਾਂ ਨਾਲ ਜੋੜ ਕੇ ਉਹਨਾਂ ਦਾ ਮੁੜ-ਵਸੇਬਾ ਕਰਨਾ ਹੈ।
ਇਸ ਅਭਿਆਨ ਦੇ ਤਹਿਤ ਆਮ ਜਨਤਾ ਦੀ ਸੁਵਿਧਾ ਲਈ ਪੀੜਤਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਪਛਾਣ ਬਿਲਕੁਲ ਗੁਪਤ ਰੱਖਣ ਦੀ ਪੂਰੀ ਗਾਰੰਟੀ ਦਿੱਤੀ ਗਈ ਹੈ। ਸਿਹਤ ਵਿਭਾਗ ਦੇ ਸਹਿਯੋਗ ਨਾਲ ਪੀੜਤਾਂ ਦੀ ਮੁਫ਼ਤ ਕੌਂਸਲਿੰਗ ਕੀਤੀ ਜਾਵੇਗੀ ਅਤੇ ਸਰਕਾਰੀ ਨਸ਼ਾ ਛੁਡਾਊ/ਮੁੜ-ਵਸੇਬਾ ਕੇਂਦਰਾਂ ਵਿੱਚ ਦਾਖਲਾ ਦਿਵਾਇਆ ਜਾਵੇਗਾ। ਇਸ ਤੋਂ ਇਲਾਵਾ ਇਲਾਜ ਪੂਰਾ ਹੋਣ ਤੋਂ ਬਾਅਦ ਨੌਜਵਾਨਾਂ ਨੂੰ ਹੁਨਰ ਸਿਖਲਾਈ, ਪੜ੍ਹਾਈ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇਗਾ। ਲੋੜ ਪੈਣ ‘ਤੇ ਨਸ਼ਾ ਪੀੜਤਾਂ ਜਾਂ ਉਹਨਾਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਵਕੀਲ ਅਤੇ ਕਾਨੂੰਨੀ ਮਦਦ ਵੀ ਮੁਹੱਈਆ ਕਰਵਾਈ ਜਾਵੇਗੀ।
ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਨੇ ਆਮ ਜਨਤਾ, ਸਮਾਜ ਸੇਵੀ ਸੰਸਥਾਵਾਂ ਅਤੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹਨਾਂ ਦੇ ਆਸ-ਪਾਸ ਜਾਂ ਪਰਿਵਾਰ ਵਿੱਚ ਕੋਈ ਨੌਜਵਾਨ ਨਸ਼ੇ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਤਾਂ ਉਹ ਬਿਨਾਂ ਕਿਸੇ ਝਿਜਕ ਤੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰ (ਏ.ਡੀ.ਆਰ. ਸੈਂਟਰ) ਵਿਖੇ ਸੰਪਰਕ ਕਰ ਸਕਦੇ ਹਨ।
ਇਸ ਤੋਂ ਇਲਾਵਾ ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਜਾਂ ਸਲਾਹ ਲੈਣ ਲਈ ਟੋਲ ਫਰੀ ਨੰ. 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *