Skip to content
- ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਕਲੌੜ ਵਿਖੇ 20 ਲੱਖ ਦੀ ਲਾਗਤ ਨਾਲ ਨਵੀਂ ਬਣੀ ਗਿਆਨੀ ਦਿੱਤ ਸਿੰਘ ਲਾਇਬ੍ਰੇਰੀ ਦਾ ਕੀਤਾ ਉਦਘਾਟਨ
*ਵਿਧਾਇਕ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਾਰਟੀਬਾਜੀ ਤੋਂ ਉਪਰ ਉੱਠ ਕੇ
ਵਿਕਾਸ ਕਰਵਾਉਣ ਦੀ ਅਪੀਲ
ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 27 ਫਰਵਰੀ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪਿੰਡਾਂ ਦੇ ਲੋਕਾਂ ਦੇ ਆਮ ਗਿਆਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਪਿੰਡਾਂ ਵਿੱਚ ਲਾਇਬ੍ਰੇਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਥੇ ਕਿ ਲੋਕਾਂ ਨੂੰ ਵੱਖ-ਵੱਖ ਵਿਸ਼ਿਆਂ ਦੀ ਜਾਣਕਾਰੀ ਹਾਸਲ ਹੋ ਸਕੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਕਲੌੜ ਵਿਖੇ 20 ਲੱਖ ਦੀ ਲਾਗਤ ਨਾਲ ਤਿਆਰ ਹੋਈ ਗਿਆਨੀ ਦਿੱਤ ਸਿੰਘ ਲਾਇਬ੍ਰੇਰੀ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਦੀ ਚਾਰ ਦੀਵਾਰੀ ਲਈ ਵੀ 10 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋ ਚੁੱਕੀ ਹੈ ਅਤੇ ਛੇਤੀ ਹੀ ਇਸ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਅੱਜ ਦੇ ਇਸ ਸੂਚਨਾ ਤਕਨਾਲੌਜੀ ਦੇ ਦੌਰ ਵਿੱਚ ਜਿਥੇ ਕਿ ਸਾਰੀ ਦੁਨੀਆਂ ਇੱਕੋ ਥਾਂ ਤੇ ਇਕੱਠੀ ਹੋ ਰਹੀ ਹੈ ਤਾਂ ਉਸ ਸਮੇਂ ਵਿੱਚ ਹਰੇਕ ਨਾਗਰਿਕ ਨੂੰ ਵੱਖ-ਵੱਖ ਖੇਤਰਾਂ ਦਾ ਗਿਆਨ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਅੰਦਰ ਪੜ੍ਹਾਈ ਬਹੁਤ ਜਰੂਰੀ ਹੈ ਕਿਉਂਕਿ ਪੜ੍ਹ ਲਿਖ ਕੇ ਹੀ ਇਨਸਾਨ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੀ ਉਚੇਰੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਸਾਡੇ ਬੱਚੇ ਅੱਗੇ ਚੱਲ ਕੇ ਉਚ ਅਹੁਦਿਆਂ ਤੇ ਬਿਰਾਜਮਾਨ ਹੋ ਕੇ ਆਪਣਾ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ।
ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਹੁਣ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ੇ ਅੱਜ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ ਅਤੇ ਜੇਕਰ ਅਸੀਂ ਨਸ਼ਿਆਂ ਦਾ ਖਾਤਮਾ ਕਰਨ ਲਈ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵੱਲੋਂ ਚਲਾਈ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।
ਵਿਧਾਇਕ ਹੈਪੀ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਵਿਕਾਸ ਕਾਰਜ ਲੋਕਾਂ ਦੀ ਸ਼ਮੂਲੀਅਤ ਨਾਲ ਪਾਰਟੀਬਾਜੀ ਤੋਂ ਉਪਰ ਉੱਠ ਕੇ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਪਿੰਡਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦਾ ਵਿਧਾਇਕ ਹੋਣ ਦੇ ਨਾਤੇ ਉਹ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ, ਰਣਵੀਰ ਸਿੰਘ ਸੋਮਲ, ਕਮਲਪ੍ਰੀਤ ਸਿੰਘ ਸੋਮਲ, ਬਲਜਿੰਦਰ ਸਿੰਘ ਰਾਜੂ, ਦਵਿੰਦਰ ਸਿੰਘ ਪੰਚ, ਗੁਰਜੀਤ ਸਿੰਘ ਗੋਗੀ ਪੰਚ, ਛਮਨਜੀਤ ਸਿੰਘ, ਮਨਪ੍ਰੀਤ ਸਿੰਘ ਸੋਨਾ, ਜਸਪਾਲ ਸਿੰਘ, ਸੰਤੋਸ਼ ਕੁਮਾਰ ਬਬਲਾ, ਲੱਖਾ ਪੰਚ, ਹਰਮੀਤ ਕੌਰ ਪੰਚ, ਜੱਗੀ ਸੋਮਲ, ਹਰਮਨ ਸੋਮਲ, ਕੁਲਵਿੰਦਰ ਸੋਮਲ, ਹਰਦੀਪ ਸਿੰਘ ਪੰਚ, ਜੋਧ ਸਿੰਘ ਪੰਚ, ਜਿੰਦਰ ਨੰਬਰਦਾਰ ਤੇ ਰਵਿੰਦਰ ਸਿੰਘ ਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਇਲਾਕੇ ਦੇ ਪਤਵੰਤੇ ਹਾਜਰ ਸਨ।
Related