ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਲੈ ਕੇ ਪਹੁੰਚੇ ਮੰਤਰੀ ਅਤੇ ਵਿਧਾਇਕ

ਪੰਜਾਬ ਦੇ ਕੈਬਨਿਟ ਮੰਤਰੀ ਡਾ  ਬਲਜੀਤ ਕੌਰ ਅਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅੱਜ ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਦੇ ਕੈਂਟਰ ਲੈ ਕੇ ਪਿੰਡ ਤੇਜਾ ਰੁਹੇਲਾ ਤੇ ਚੱਕ ਰੁਹੇਲਾ ਵਿਖੇ ਪਹੁੰਚੇ। ਇਸ ਮੌਕੇ ਉਨਾਂ ਨੇ ਕੋਲੇ ਖੜ ਕੇ ਦੁਧਾਰੂ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਵਾਈ ।
 ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਪਹਾੜਾਂ ਤੇ ਹੋ ਰਹੀ ਬਾਰਿਸ਼ ਦੇ ਮੱਦੇ ਨਜ਼ਰ ਪਿੱਛੋਂ ਪਾਣੀ ਦੀ ਮਾਤਰਾ ਲਗਾਤਾਰ ਵਧ ਰਹੀ ਹੈ। ਉਹਨਾਂ ਕਿਹਾ ਕਿ ਅੱਜ ਹਰੀਕੇ ਹੈਡਵਰਕਸ਼ ਤੋਂ 1.7 ਲੱਖ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਮੱਦੇ ਨਜ਼ਰ ਕੱਲ ਤੱਕ ਫਾਜ਼ਿਲਕਾ ਜ਼ਿਲ੍ਹੇ ਵਿਚੋਂ ਲੰਘਦੀ ਸਤਲੁਜ ਕ੍ਰੀਕ ਵਿਚ ਵੀ ਇਸ ਪਾਣੀ ਦਾ ਕੁਝ ਹਿੱਸਾ ਆਵੇਗਾ ਅਤੇ ਇਸ ਨਾਲ ਖੇਤਰ ਵਿੱਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ ।
ਇਸ ਲਈ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਸੁਰੱਖਿਤ ਥਾਵਾਂ ਤੇ ਭੇਜਿਆ ਜਾਵੇ। ਹਾਲਾਂਕਿ ਪਿੰਡ ਵਾਸੀ ਚੜਦੀ ਕਲਾ ਵਿੱਚ ਸਨ ਅਤੇ ਉਨਾਂ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਪਣੇ ਆਪ ਨੂੰ ਇੱਥੇ ਵੀ ਸੁਰੱਖਿਤ ਹੀ ਮਹਿਸੂਸ ਕਰ ਰਹੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਰਾਹਤ ਕੈਂਪ ਵੀ ਬਣਾਏ ਗਏ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਰਾ ਪ੍ਰਸ਼ਾਸਨ ਹੜ੍ਹ  ਪੀੜਤਾਂ ਨੂੰ ਮਦਦ ਮੁਹਈਆ ਕਰਵਾਉਣ ਲਈ ਲੱਗਿਆ ਹੋਇਆ ਹੈ। ਉਹਨਾਂ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ, ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ ਅਤੇ ਮਾਲ ਵਿਭਾਗ ਦੀਆਂ ਸਾਰੀਆਂ ਟੀਮਾਂ ਪਿੰਡਾਂ ਵਿੱਚ ਤਾਇਨਾਤ ਹਨ।  ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਇਸ ਲਈ ਸਰਕਾਰ ਹਰ ਸੰਭਵ ਉਪਰਾਲਾ ਕਰ ਰਹੀ ਹੈ।


ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਵੀ ਗਰਭਵਤੀ ਔਰਤਾਂ, ਛੋਟੇ ਬੱਚਿਆਂ ਤੇ ਉਨ੍ਹਾਂ ਦੀਆਂ ਮਾਂਵਾਂ ਨੂੰ ਦਿੱਤੀ ਜਾਣ ਵਾਲੀ ਫੀਡ ਪਹਿਲ ਦੇ ਅਧਾਰ ਤੇ ਇੰਨ੍ਹਾਂ ਪਿੰਡਾਂ ਵਿਚ ਮੁਹਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
 ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਮੌਕੇ ਅਪੀਲ ਕੀਤੀ ਕਿ ਲੋਕ ਬਜ਼ੁਰਗਾਂ, ਬੱਚਿਆਂ ਅਤੇ ਔਰਤਾਂ ਨੂੰ ਸੁਰੱਖਿਤ ਥਾਵਾਂ ਤੇ ਭੇਜਣ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਵਿੱਚ ਹਰ ਮਦਦ ਮੁਹਈਆ ਕਰਵਾਈ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਰਾਸ਼ਨ ਦੀ ਵੰਡ ਵੀ ਪਿੰਡਾਂ ਵਿੱਚ ਕੀਤੀ ਜਾ ਰਹੀ ਹੈ ਅਤੇ ਅੱਜ ਵੀ ਪਿੰਡਾਂ ਵਿੱਚ ਰਾਸ਼ਨ ਕਿੱਟਾਂ, ਕੈਟਲਫੀਡ ਅਤੇ ਹਰੇ ਚਾਰੇ ਦੀ ਵੰਡ ਕੀਤੀ ਗਈ ਹੈ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਫਲੱਡ ਕੰਟਰੋਲ ਰੂਮ ਕਾਰਜਸ਼ੀਲ ਹੈ ਅਤੇ ਕਿਸੇ ਵੀ ਤਰਾਂ ਦੀ ਮਦਦ ਲਈ ਲੋਕ 01638-262153 ਨੰਬਰ ਤੇ ਸੰਪਰਕ ਕਰ ਸਕਦੇ ਹਨ।
 ਇਸ ਮੌਕੇ ਉਨਾਂ ਦੇ ਨਾਲ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾ  ਮਨਦੀਪ ਕੌਰ, ਐਸਡੀਐਮ ਵੀਰਪਾਲ ਕੌਰ ਡੀਐਸਪੀ ਅਵਿਨਾਸ਼ ਚੰਦਰ ਅਤੇ ਤਹਿਸੀਲਦਾਰ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।
ਇਸਤੋਂ ਪਹਿਲਾਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਬੈਠਕ ਕਰਕੇ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਹਰੇਕ ਵਿਭਾਗ ਆਪਣਾ ਕੰਮ ਤਨਦੇਹੀ ਨਾਲ ਕਰੇ।

ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ `ਚ ਰਾਹਤ ਸਮੱਗਰੀ ਦੀ ਵੰਡ ਜਾਰੀ –ਨਰਿੰਦਰ ਪਾਲ ਸਿੰਘ ਸਵਨਾ
ਲੋਕਾਂ ਦਾ ਹਾਲ ਚਾਲ ਜਾਣਨ ਤੇ ਪਸ਼ੂਆਂ ਨੂੰ ਫੀਡ ਵੰਡਣ ਲਈ ਲਈ ਕਿਸ਼ਤੀ ਤੇ ਸਵਾਰ ਹੋ ਕੇ ਵਿਧਾਇਕ ਸਵਨਾ ਪਹੁੰਚੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ


 ਕਿਹਾ, ਕੁਦਰਤ ਦੀ ਇਸ ਕਰੋਪੀ ਦਾ ਸਾਹਮਣਾ ਕਰਨ ਲਈ ਉਹ ਹਲਕੇ ਦੇ ਹੜ੍ਹ ਪ੍ਰਭਾਵਿਤ ਵੀ ਲੋਕਾਂ ਨਾਲ ਖੜੇ ਹਨ
ਫਾਜ਼ਿਲਕਾ 25 ਅਗਸਤ 2025……
ਪਹਾੜੀ ਖੇਤਰਾਂ ਵਿੱਚ ਭਾਰੀ ਬਰਸਾਤਾਂ ਹੋਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਤੇ ਇਹ ਪਾਣੀ ਕਾਵਾਂਵਾਲੀ ਪੁੱਲ ਰਾਹੀਂ ਪੁੱਲ ਦੇ ਪਾਰ ਦੇ ਪਿੰਡਾਂ ਵਿੱਚ ਜਾ ਪਹੁੰਚਿਆ ਹੈ। ਇਨ੍ਹਾਂ ਲੋਕਾਂ ਦਾ ਹਾਲ ਚਾਲ ਜਾਣਨ ਅਤੇ ਰਾਹਤ ਸਮੱਗਰੀ ਦੇਣ ਲਈ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਖੁਦ ਕਿਸਤੀ ਤੇ ਸਵਾਰ ਹੋ ਢਾਣੀ ਸੱਦਾ ਸਿੰਘ ਪਹੁੰਚੇ। ਇਸ ਤੋਂ ਪਹਿਲਾ ਉਨ੍ਹਾਂ ਰੇਤੇ ਵਾਲੀ ਭੈਣੀ ਤੇ ਝੰਗੜ ਭੈਣੀ ਵੀ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ  ਜਿੱਥੇ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਉਹ ਲੋਕਾ ਦੇ ਨਾਲ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਵੀਰਪਾਲ ਕੌਰ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਪਾਣੀ ਦਾ ਪੱਧਰ ਵਧਣ ਕਾਰਨ ਢਾਣੀ ਸੱਦਾ ਸਿੰਘ ਦਾ ਸੜਕੀ ਸੰਪਰਕ ਟੁੱਟ ਗਿਆ ਹੈ ਜਿਸ ਕਾਰਨ ਉਹ ਖੁਦ ਕਿਸਤੀ ਤੇ ਸਵਾਰ ਹੋ ਕੇ ਲੋਕਾਂ ਦਾ ਹਾਲ ਚਾਲ ਜਾਣਨ ਆਏ ਹਨ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਰਾਸ਼ਨ ਤੇ ਪਸ਼ੂਆਂ ਲਈ ਫੀਡ ਖੁਦ ਵੰਡੀ ਜਿਸ ਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਘਬਰਾਉਣ ਨਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੁਦ ਹੜ੍ਹ ਪ੍ਰਭਾਵਿਤ ਖੇਤਰਾਂ ਤੇ ਨਿਗਰਾਨੀ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਵਿੱਚ ਲੋਕਾਂ ਦੇ ਨਾਲ ਹੈ ਤੇ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਵਿਭਾਗੀ ਅਮਲਾ ਸਭ ਸਾਡੇ ਲਈ ਹਾਜ਼ਰ ਹੈ। ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਪਿੰਡ ਵਾਸੀਆਂ ਨੂੰ ਦਿੱਤੀ ਜਾਵੇਗੀ।
ਪਿੰਡ ਝੰਗੜ ਭੈਣੀ ਅਤੇ ਰੇਤੇ ਵਾਲੀ ਭੈਣੀ ਵਿੱਚ ਉਨ੍ਹਾਂ ਪਿੰਡ ਵਿੱਚ ਪਾਣੀ ਦੇ ਵਧੇ ਪੱਧਰ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਤੇ ਇਸ ਦੌਰਾਨ ਉਨ੍ਹਾਂ ਫੋਨ ਤੇ ਮੰਡੀ ਬੋਰਡ ਦੇ ਅਧਿਕਾਰੀ ਨੂੰ ਪਿੰਡ ਦੇ ਸੰਪਰਕ ਨੂੰ ਜੋੜਨ ਵਾਲੀ ਸੜਕ ਨੂੰ ਮਜ਼ਬੂਤ ਕਰਨ ਲਈ ਕਿਹਾ।  ਉਨ੍ਹਾਂ ਪਿੰਡ ਵਾਸੀਆਂ ਦੇ ਪੀਣ ਵਾਲੇ ਪਾਣੀ ਤੇ ਹੋਰ ਸਮੱਸਿਆਵਾਂ ਨੂੰ ਵੀ ਜਾਣਿਆ ਤੇ ਸਮੱਸਿਆ ਦੇ ਹੱਲ ਲਈ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਪਿੰਡ ਵਾਸੀਆਂ ਦੀ ਹਰ ਮਦਦ ਕੀਤੀ ਜਾਵੇਗੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਕੁਦਰਤੀ ਕਰੋਪੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਪਰਮਜੀਤ ਸਿੰਘ ਨੂਰਸ਼ਾਹ, ਬਲਾਕ ਪ੍ਰਧਾਨ ਸੁਰਿੰਦਰ ਕੰਬੋਜ ਤੇ ਸਰਪੰਚ ਸੁਭਾਸ਼ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਪਸ਼ੂ ਪਾਲਣ ਵਿਭਾਗ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ 446 ਜਾਨਵਰਾਂ ਦਾ ਕੀਤਾ ਇਲਾਜ
-ਟੀਮਾਂ ਵੱਲੋਂ ਲਗਾਤਾਰ ਲਗਾਏ ਜਾ ਰਹੇ ਹਨ ਕੈਂਪ
ਫਾਜ਼ਿਲਕਾ, 25 ਅਗਸਤ
ਫਾਜ਼ਿਲਕਾ ਜ਼ਿਲ੍ਹੇ ਦੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਜਿੰਨ੍ਹਾਂ ਪਿੰਡਾਂ ਵਿਚ ਸਤਲੁਜ ਦੇ ਪਾਣੀ ਦੀ ਮਾਰ ਪਈ ਹੈ ਉਨ੍ਹਾਂ ਪਿੰਡਾਂ ਵਿਚ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੇ ਜਾਨਵਰਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਸਰਹੱਦੀ ਪਿੰਡਾਂ ਵਿਚ ਪਿੱਛਲੇ 1 ਹਫਤੇ ਵਿਚ 446 ਜਾਨਵਰਾਂ ਦਾ ਇਲਾਜ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਮਨਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਗਠਿਤ ਹਨ ਅਤੇ ਇਹ ਟੀਮਾਂ ਪ੍ਰਭਾਵਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਜਾਨਵਰਾਂ ਦੇ ਚੈਕਅੱਪ ਅਤੇ ਇਲਾਜ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਪਿੰਡਾਂ ਵਿਚ ਜਾਨਵਰਾਂ ਦੀ ਵੈਕਸੀਨੇਸ਼ਨ ਹੜ੍ਹ ਆਉਣ ਤੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਸੀ।
ਡਾ: ਮਨਦੀਪ ਸਿੰਘ ਨੇ ਦੱਸਿਆ ਕਿ ਅੱਜ  ਗੁੱਦੜ ਭੈਣੀ ਦੀਆਂ ਢਾਣੀਆਂ, ਪੱਤਣ ਪੋਸਟ, ਮੁਹਾਰ ਜਮਸ਼ੇਰ, ਢਾਣੀ ਸੱਦਾ ਸਿੰਘ, ਦੋਨਾ ਨਾਨਕਾ ਅਤੇ ਤੇਜਾ ਰੋਹੇਲਾ ਵਿਚ ਟੀਮਾਂ ਨੇ ਵਿਸ਼ੇਸ ਕੈਂਪ ਲਗਾਏ ਹਨ।

ਹੜ੍ਹ ਪ੍ਰਭਾਵਿਤ ਪਿੰਡਾ ਵਿੱਚ 1120  ਲੋਕਾਂ ਦੀ  ਮੈਡੀਕਲ ਕੈਂਪ ਵਿੱਚ ਕੀਤੀ ਜਾਂਚ  
ਹੈਲਥ  ਵਰਕਰ  ਘਰ ਘਰ ਵੰਡ ਰਹੇ ਹਨ  ਕਲੋਰੀਨ  ਗੋਲੀਆਂ,  ਆਸ਼ਾ ਵਰਕਰਾਂ ਕਰ ਰਹੀਆਂ ਹਨ ਪਿੰਡਾਂ ਦਾ ਸਰਵੇ  
ਫਾਜ਼ਿਲਕਾ  
ਸਿਹਤ ਮੰਤਰੀ ਡਾ  ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ  ਅਨੁਸਾਰ  ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਸਿਹਤ ਵਿਭਾਗ ਵਲੋਂ ਲਗਾਏ ਗਏ ਮੈਡੀਕਲ ਕੈਂਪਾਂ ਵਿਚ ਅੱਜ ਤੱਕ 1120 ਲੋਕਾ ਦੀ ਜਾਂਚ ਕੀਤੀ ਗਈ। ਜਿਸ ਤੋਂ ਬਾਦ ਉਨ੍ਹਾਂ ਨੂੰ ਮੁਫਤ ਦਵਾਇਆ ਦਿੱਤੀਆ ਗਈਆ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ  ਪਾਣੀ ਆਉਣ ਵਾਲੇ ਦਿਨ ਤੋਂ ਹੀ ਆਮ ਲੋਕਾਂ ਨੂੰ ਸਿਹਤ ਸਹੂਲਤ ਨੂੰ ਦੇਣ ਲਈ ਰੋਜ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਉਹਨਾ ਦੇ ਪਿੰਡ ਵਿੱਚ ਹੀ ਮਿਲ ਸਕੇ।
ਸਿਵਲ ਸਰਜਨ ਡਾ  ਰਾਜ ਕੁਮਾਰ ਨੇ  ਕਿਹਾ ਕਿ  ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ   ਪਿੰਡ ਮਹਾਤਮ ਨਗਰ,  ਦੋਨਾਂ  ਨਾਨਕਾ,  ਰੇਤੇ ਵਾਲੀ ਭੈਣੀ,  ਮੋਹਰ  ਜਮਸ਼ੇਰ,  ਗੁਲਬ ਭੈਣੀ,  ਢਾਣੀ  ਸੱਦਾ ਸਿੰਘ, ਝੰਗਰ ਭੈਣੀ, ਤੇਜਾ ਰੁਹੇਲਾ ਵਿਖੇ ਵਿਸ਼ੇਸ  ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਹੜ੍ਹਾਂ ਦੀ ਸਥਿਤੀ ‘ਚ ਜਿੱਥੇ ਕਈ ਬਿਮਾਰੀਆਂ ਫੈਲਣ ਦਾ ਡਰ ਲੋਕਾਂ ਵਿਚ ਬਣਿਆ ਹੋਇਆ ਹੈ। ਜਿਸ ਲਈ ਪਹਿਲਾ ਹੀ ਟੀਮਾਂ ਲਗਾ ਦਿੱਤੀਆਂ ਗਈਆਂ ਸਨ ਅਤੇ ਇਸ ਦੇ ਨਾਲ ਲੋਕਾ ਨੂੰ ਪਾਣੀ ਨਾਲ ਹੋਣ ਵਾਲੀ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੈਲਥ ਵਰਕਰ ਘਰ ਘਰ ਜਾ ਕੇ ਕਲੋਰੀਨ ਦੀਆਂ ਗੋਲੀਆਂ ਵੰਡ ਰਹੇ ਹਨ।
ਸਹਾਇਕ ਸਿਵਲ ਸਰਜਨ ਡਾ ਰੋਹਿਤ ਗੋਇਲ  ਨੇ ਦੱਸਿਆ ਕਿ ਇਸ ਸੰਬਧੀ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ `ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ।  ਉਨ੍ਹਾਂ ਨੇ ਸਿਹਤ  ਟੀਮਾਂ ਨੂੰ ਕਿਹਾ ਕਿ  ਬਰਸਾਤ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਣਕਾਰੀ  ਅਤੇ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਥੋਂ ਤੱਕ ਹੋ ਸਕੇ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਜਾਵੇ। ਦਸਤ ਹੋਣ ਦੀ ਸੂਰਤ ਵਿਚ ਓ ਆਰ ਐੱਸ ਪੈਕੇਟ ਵੀ ਮੁਫ਼ਤ ਦਿੱਤੇ ਜਾ ਰਹੇ ਹੈ।
ਡਾ  ਰਿੰਕੂ ਚਾਵਲਾ ਨੇ ਕਿਹਾ ਕਿ ਆਸ਼ਾ ਵਰਕਰਾਂ ਦੁਆਰਾ ਪ੍ਰਭਾਵਿਤ ਪਿੰਡਾ ਵਿਚ ਸਰਵੇ ਵੀ ਕੀਤਾ ਜਾਵੇਗਾ।   ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ‘ਚ ਹੈ। ਸਿਹਤ ਵਿਭਾਗ  ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਸੋਮਵਾਰ ਨੂੰ  ਪਿੰਡ ਤੇਜਾ ਰੁਹੇਲਾ, ਦੋਨਾਂ ਨਾਨਕਾ, ਝੰਗਰ ਭੈਣੀ, ਮੁਹਾਰ ਜਮਸ਼ੇਰ, ਵੱਲੇ ਸ਼ਾਹ ਹਿਠਾੜ, ਰਾਮ ਸਿੰਘ ਭੈਣੀ, ਮਹਾਤਮ ਨਗਰ  ਸਮੇਤ ਪਿੰਡਾ ਵਿੱਚ ਮੈਡੀਕਲ ਕੈਂਪ ਲਗਾਏ ਗਏ ।

ਜਲ ਸਪਲਾਈ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪੀਣ ਦੇ ਪਾਣੀ ਦੇ ਨਮੂਨਿਆਂ ਦੀ ਜਾਂਚ
-ਸੈਂਪਲ ਹੋਏ ਪਾਸ, ਜਰੂਰਤ ਅਨੁਸਾਰ ਟੈਂਕਰਾਂ ਨਾਲ ਵੀ ਪਾਣੀ ਦੀ ਸਪਲਾਈ ਜਾਰੀ
ਫਾਜ਼ਿਲਕਾ, 25 ਅਗਸਤ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਮਦਦ ਤੇਜੀ ਨਾਲ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਤਾਇਨਾਤ ਕੀਤੀਆਂ ਗਈਆਂ ਹਨ।
ਵਿਭਾਗ ਦੇ ਕਾਰਜਕਾਰੀ ਇੰਜਨੀਅਰ ਚਮਕ ਸਿੰਗਲਾ ਨੇ ਦੱਸਿਆ ਕਿ ਪਿੰਡਾਂ ਵਿਚ ਆਰਓ ਸਿਸਟਮ ਕੰਮ ਕਰ ਰਹੇ ਹਨ ਅਤੇ ਵਿਭਾਗ ਵੱਲੋਂ ਲੋਕਾਂ ਦੇ ਘਰਾਂ ਵਿਚ ਜਾ ਕੇ ਆਉਣ ਵਾਲੇ ਪੀਣ ਦੇ ਪਾਣੀ ਦੇ ਨਮੁਨੇ ਲੈਕੇ ਆਪਣੀ ਲੈਬ ਵਿਚ ਜਾਂਚ ਕੀਤੇ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਢਾਣੀਆਂ ਅਤੇ ਪਿੰਡਾਂ ਵਿਚ ਜਿੱਥੇ ਪੀਣ ਦੇ ਪਾਣੀ ਦੀ ਉਪਲਬੱਧਤਾ ਦੀ ਘਾਟ ਸੀ ਓਥੇ ਟੈਂਕਰਾਂ ਨਾਲ ਪੀਣ ਦਾ ਪਾਣੀ ਭੇਜਿਆ ਜਾ ਰਿਹਾ ਹੈ। ਇਸਤੋਂ ਬਿਨ੍ਹਾਂ ਮਵੇਸੀਆ ਲਈ ਵੀ ਟੈਂਕਰਾਂ ਨਾਲ ਪਾਣੀ ਭੇਜਿਆ ਜਾ ਰਿਹਾ ਹੈ।
ਇਸਤੋਂ ਬਿਨ੍ਹਾਂ ਵਿਭਾਗ ਦੀਆਂ ਟੀਮਾਂ ਪਿੰਡਾਂ ਵਿਚ ਲੋਕਾਂ ਨੂੰ ਸਾਫ ਪਾਣੀ ਦੀ ਪਹਿਚਾਣ ਕਰਨ ਅਤੇ ਪਾਣੀ ਉਬਾਲ ਕੇ ਪੀਣ ਦੇ ਮਹੱਤਵ ਨੂੰ ਵੀ ਸਮਝਾ ਰਹੀਆਂ ਹਨ।
ਉਨ੍ਹਾਂ ਨੇ ਦੱਸਿਆ ਕਿ ਮਹਾਤਮ ਨਗਰ, ਵੱਲੇ ਸ਼ਾਹ ਹਿਠਾੜ, ਤੇਜਾ ਰੁਹੇਲਾ, ਝੰਗੜ ਭੈਣੀ ਆਦਿ ਪਿੰਡਾਂ ਦੇ ਸਾਰੇ ਸੈਂਪਲ ਪਾਸ ਹੋਏ ਹਨ ਅਤੇ ਬਾਕੀ ਪਿੰਡਾਂ ਦੀ ਰਿਪੋਰਟ ਉਡੀਕੀ ਜਾ ਰਹੀ ਹੈ।

Leave a Reply

Your email address will not be published. Required fields are marked *