ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਐਸ.ਡੀ.ਐਮ ਅਰਵਿੰਦ ਕੁਮਾਰ ਗੁਪਤਾ, ਜ਼ਿਲ੍ਹਾ ਮਾਲ ਅਫਸਰ ਕਰੁਨ ਗੁਪਤਾ ਤੇ ਹੋਰਨਾਂ ਅਧਿਕਾਰੀਆਂ ਤੇ ਪਾਰਟੀ ਵਰਕਰਾਂ ਸਮੇਤ ਸਰਹਿੰਦ ਚੋਅ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਪੰਜਾਬ ਦੇ 8-9 ਜ਼ਿਲਿਆਂ ਵਿੱਚ ਆਏ ਹੜ੍ਹਾਂ ਕਾਰਨ ਕਾਫੀ ਨੁਕਸਾਨ ਪੁੱਜਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਨਾਂ ਜ਼ਿਲ੍ਹਿਆਂ ਵਿੱਚ ਵਿਆਪਕ ਪੱਧਰ ‘ਤੇ ਬਚਾਅ ਕਾਰਜ ਜਾਰੀ ਹਨ।
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਸਰਹਿੰਦ ਚੋਅ ਵਿੱਚ ਪਾਣੀ ਦਾ ਪੱਧਰ ਨੀਵਾਂ ਹੋਣ ਕਾਰਨ ਆਲੇ ਦੁਆਲੇ ਵਸਦੇ ਲੋਕਾਂ ਨੂੰ ਹਾਲ ਦੀ ਘੜੀ ਇਸ ਤੋਂ ਕੋਈ ਖਤਰਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ 24 ਘੰਟੇ ਚੌਕਸ ਹੈ ਅਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨਾਲ ਨਾਲ ਹਰ ਇੱਕ ਸਬ ਡਵੀਜ਼ਨ ਵਿੱਚ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।

ਵਿਧਾਇਕ ਨੇ ਦੱਸਿਆ ਕਿ ਅੱਜ ਦਿਨ ਸਮੇਂ ਹੋਈ ਭਾਰੀ ਬਰਸਾਤ ਕਾਰਨ ਸਰਹਿੰਦ ਸ਼ਹਿਰ ਵਿੱਚ ਨੀਵੀਆਂ ਥਾਵਾਂ ਉੱਤੇ ਪਾਣੀ ਖੜਨ ਦੀ ਸਮੱਸਿਆ ਆਈ ਸੀ ਪਰ ਪ੍ਰਸ਼ਾਸਨ ਵੱਲੋਂ ਉਸ ਪਾਣੀ ਦੀ ਨਿਕਾਸੀ ਦਾ ਵੀ ਨਾਲੋ ਨਾਲ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ ਅਤੇ ਹਲਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਵੇਗੀ।

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਹਲਕੇ ਅਧੀਨ ਆਉਂਦੇ ਚੋਅ ਅਤੇ ਬਰਸਾਤੀ ਨਾਲਿਆਂ ਵਿੱਚ ਪਾਣੀ ਦੇ ਵਹਾਅ ਵਿੱਚ ਰੁਕਾਵਟ ਪਾਉਣ ਵਾਲੀ ਬੂਟੀ ਨੂੰ ਨਾਲੋਂ ਨਾਲ ਕੱਢਣਾ ਯਕੀਨੀ ਬਣਾਇਆ ਜਾਵੇ।
ਉਹਨਾਂ ਨੇ ਪ੍ਰਸ਼ਾਸ਼ਨਿਕ ਪ੍ਰਬੰਧਾਂ ਉੱਤੇ ਵੀ ਤਸੱਲੀ ਦਾ ਪ੍ਰਗਟਾਵਾ ਕੀਤਾ।
